ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਐਲਾਨ ਦੇ ਤਹਿਤ 22 ਫਰਵਰੀ ਤੋਂ ਸ਼ੀਸ਼ ਮਹਿਲ ਵਿਚ ਸ਼ਿਲਪਕਾਰੀ ਮੇਲਾ ਅਤੇ ਇਤਿਹਾਸਕ ਕਿਲਾ ਮੁਬਾਰਕ ਵਿਚ 23 ਫਰਵਰੀ ਤੋਂ ਵਿਰਾਸਤੀ ਮੇਲਾ (ਹੈਰੀਟੇਜ ਫੈਸਟੀਵਲ) ਆਰੰਭ ਹੋਣਗੇ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਾਰੇ ਵਿਭਾਗਾਂ ਦੇ ਨਾਲ ਬੈਠਕ ਕਰਕੇ ਅਧਿਕਾਰੀਆਂ ਨੂੰ ਹਿਦਾਇਤਾਂ ਜਾਰੀ ਕੀਤੀਆਂ।
ਡੀਸੀ ਨੇ ਕਮੇਟੀਆਂ ਦਾ ਗਠਨ ਕਰਕੇ ਸਬੰਧਤ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵੀ ਤੈਅ ਕਰ ਦਿੱਤੀਆਂ, ਜਿਸ ਨਾਲ ਦੇਸ਼ ਭਰ ਵਿਚੋਂ ਇਹਨਾਂ ਮੇਲਿਆਂ ਵਿਚ ਪਹੁੰਚਣ ਵਾਲੇ ਕਲਾਕਾਰਾਂ, ਸ਼ਿਲਪਕਾਰਾਂ ਅਤੇ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੇ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੀਸ਼ ਮਹਿਲ ਵਿਚ ਸ਼ਿਲਪਕਾਰੀ ਮੇਲਾ 22 ਫਰਵਰੀ ਤੋਂ 5 ਮਾਰਚ ਤੱਕ ਚੱਲੇਗਾ। ਉਨ੍ਹਾਂ ਨੇ ਗਠਿਤ ਕਮੇਟੀਆਂ ਦੇ ਮੁੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਹਨ ਕਿ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਸਰ ਨਾ ਛੱਡੀ ਜਾਵੇ ਅਤੇ ਆਪਸੀ ਤਾਲਮੇਲ ਦੇ ਨਾਲ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਪੂਰੇ ਕਰ ਲਏ ਜਾਣ।
ਉਹਨਾਂ ਨੇ ਇਸ ਮੇਲੇ ਦੌਰਾਨ ਕਲਾਕਾਰਾਂ ਦੀ ਰਿਹਾਇਸ਼, ਖਾਣ-ਪੀਣ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਅਤੇ ਹੋਰ ਕਈ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਹੈਰੀਟੇਜ ਫੈਸਟੀਵਲ ਕਿਲਾ ਮੁਬਾਰਕ ਵਿਚ 23 ਫਰਵਰੀ ਨੂੰ ਆਰੰਭ ਹੋਵੇਗਾ ਅਤੇ ਇਸ ਨਾਲ ਸੰਬੰਧਿਤ ਇਕੱਠ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਸ਼ਿਲਪਕਾਰੀ ਮੇਲੇ ਦੌਰਾਨ ਉੱਤਰੀ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਦੇਸ਼ ਭਰ ਦੇ ਵੱਖ-ਵੱਖ ਸਭਿਆਚਾਰਾਂ ਦੇ ਲੋਕ ਨਾਚ ਅਤੇ ਵੱਖ-ਵੱਖ ਸੂਬਿਆਂ ਦੇ ਸ਼ਿਲਪਕਾਰਾਂ ਦੀਆਂ ਦਸਤਕਾਰੀਆਂ ਪੇਸ਼ ਕੀਤੀਆਂ ਜਾਣਗੀਆਂ ਅਤੇ ਇਸ ਨੂੰ ਖਰੀਦਣ ਲਈ ਸਟਾਲਾਂ ਸਜਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਇਤਿਹਾਸਕਾਰ ਵਿਦਿਆਰਥੀਆਂ ਨੂੰ ਵੱਖ ਵੱਖ ਸਭਿਆਚਾਰਾਂ ਪ੍ਰਤੀ ਜਾਗਰੂਕ ਕਰਨ ਲਈ ਜਾਣਕਾਰੀ ਦੇਣਗੇ।