ਵਾਤਾਵਰਨ ਪ੍ਰਣਾਲੀ ਦੀ ਪੁਨਰ ਸਥਾਪਨਾ’ ਥੀਮ ਨਾਲ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਸੀਨੀਅਰ ਮੈਡੀਕਲ ਅਫਸਰ ਵੱਲੋਂ ਵਾਤਾਵਰਨ ਦੀ ਰਾਖੀ ਲਈ ਸਾਂਝੇ ਤੌਰ ’ਤੇ ਹੰਭਲਾ ਮਾਰਨ ਦਾ ਸੱਦਾ
ਰਾਹੋਂ, 5 ਜੂਨ 2021 ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਅਤੇ ਡਾ ਊਸ਼ਾ ਕਿਰਨ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਅੱਜ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਵਾਤਾਵਰਨ ਦਿਵਸ ਦਾ ਮੁੱਖ ਵਿਸ਼ਾ ‘ਵਾਤਾਵਰਨ ਪ੍ਰਣਾਲੀ ਨੂੰ ਪੁਨਰ ਸਥਾਪਿਤ ਕਰਨਾ’ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਵਾਤਾਵਰਨ ਦੀ ਰਾਖੀ ਲਈ ਹਰੇਕ ਨਾਗਰਿਕ ਨੂੰ ਸਾਂਝੇ ਤੌਰ ਉੱਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਵਾਤਾਵਰਨ ਪ੍ਰਣਾਲੀ ਦੇ ਪਤਨ ਨੂੰ ਰੋਕਣ ਦੀ ਬੇਹੱਦ ਸਖਤ ਜ਼ਰੂਰਤ ਹੈ ਤਾਂ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਹੰਢਣਸਾਰ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਹਰ ਕੀਮਤ ’ਤੇ ਰੱਖਿਆ ਕਰਨੀ ਚਾਹੀਦੀ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਊਸ਼ਾ ਕਿਰਨ ਨੇ ਆਮ ਲੋਕਾਂ ਨੂੰ ਦੂਸ਼ਿਤ ਵਾਤਾਵਰਨ ਅਤੇ ਪ੍ਰਦੂਸ਼ਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦਾ ਵੱਧ ਰਿਹਾ ਪੱਧਰ ਵਾਤਾਵਰਨ ਦੇ ਨਾਲ-ਨਾਲ ਮਨੁੱਖਾਂ ਲਈ ਵੀ ਖਤਰਾ ਬਣਦਾ ਜਾ ਰਿਹਾ ਹੈ। ਇਸ ਕਾਰਨ ਲੋਕ ਕਈ ਕਿਸਮਾਂ ਦੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਰਹੇ ਹਨ।
ਇਸ ਦੌਰਾਨ ਰੂਰਲ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼ ਅਤੇ ਡਾ ਗੁਰਪਿੰਦਰ ਕੌਰ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਧਰਤੀ ਨੂੰ ਵੱਧ ਤੋਂ ਵੱਧ ਹਰਿਆਲੀ ਦੇ ਘੇਰੇ ਵਿਚ ਲਿਆਉਣ ਲਈ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਹਰੇਕ ਵਿਅਕਤੀ ਨੂੰ ਇਸ ਗੱਲ ਲਈ ਸੁਚੇਤ ਹੋਣ ਦੀ ਲੋੜ ਹੈ ਕਿ ਉਹ ਆਪਣੇ ਘਰ ਅਤੇ ਆਂਢ-ਗੁਆਂਢ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਕੀ ਕੁਝ ਕਰ ਸਕਦਾ ਹੈ।
ਇਸ ਮੌਕੇ ਨਰਸਿੰਗ ਅਫਸਰ ਊਸ਼ਾ ਰਾਣੀ ਅਤੇ ਐੱਮ.ਪੀ.ਐੱਚ.ਡਬਲਿਊ (ਮੇਲ) ਮਨਦੀਪ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।