ਸ਼ਹਿਰ ਦੀ ਟਾਊਨ ਹਾਲ ਬਿਲਡਿੰਗ ਵਿੱਚ ਤਿੰਨ ਰੋਜਾ ਪ੍ਰਦਰਸ਼ਨੀ ਹੋਈ ਸ਼ੁਰੂ
ਡੀ.ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਕੀਤਾ ਉਦਘਾਟਨ
ਸਕੂਲੀ ਬੱਚਿਆਂ ਨੇ ਲੇਖ ਤੇ ਭਾਸ਼ਣ ਮੁਕਾਬਲਿਆਂ ਵਿੱਚ ਲਿਆ ਹਿੱਸਾ
ਬੁੱਧਵਾਰ ਨੂੰ ਨਗਰ ਨਿਗਮ ਦੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਫਿਟ ਇੰਡੀਆ ਫਰੀਡਮ ਰਨ ਦਾ ਵੀ ਹੋਵੇਗਾ ਆਯੋਜਨ
ਅੰਮ੍ਰਿਤਸਰ 24 ਅਗਸਤ 2021
ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’’ ਦੀ ਥੀਮ ਉੱਤੇ ਵੱਖੋ ਵੱਖ ਥਾਵਾਂ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੀ ਟਾਊਨ ਹਾਲ ਬਿਲਡਿੰਗ ਵਿਚ ਇਕ ਤਿੰਨ ਰੋਜਾ ਪ੍ਰਦਰਸ਼ਨੀ ਲਾਈ ਗਈ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਅਰਸ਼ਦੀਪ ਸਿੰਘ ਵੀ ਮੌਜੂਦ ਰਹੇ।
ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਦੇਸ਼ ਦੀ ਆਜਾਦੀ ਵਿੱਚ ਪੰਜਾਬੀਆਂ ਦਾ ਵਡਮੁੱਲਾ ਯੋਗਦਾਨ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਨਵੀਂ ਪਨੀਰੀ ਨੂੰ ਆਪਣੇ ਵਿਰਸੇ ਅਤੇ ਕੁਰਬਾਨੀਆਂ ਬਾਰੇ ਦੱਸਣਾ ਬਹੁਤ ਜਰੂਰੀ ਹੈ, ਜਿਸ ਵਿਚ ਸਮੇਂ-ਸਮੇਂ ਉੱਤੇ ਆਯੋਜਿਤ ਕਰਵਾਏ ਜਾਂਦੇ ਅਜਿਹੇ ਪ੍ਰੋਗਰਾਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਐੱਸ.ਡੀ.ਐੱਮ. ਅਰਸ਼ਦੀਪ ਸਿੰਘ ਨੇ ਵੀ ਚਿੱਤਰ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਇਕ ਚੰਗਾ ਉਪਰਾਲਾ ਕਰਾਰ ਦਿੱਤਾ।
ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵੱਲੋਂ ਦੇਸ਼ ਭਰ ਦੇ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ“ ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫਤਿਆਂ ਦਾ ਸਫਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ।
ਪ੍ਰਦਰਸ਼ਨੀ ਤੋਂ ਇਲਾਵਾ ਇਸ ਮੌਕੇ ਬੱਚਿਆਂ ਦੇ ਲੇਖ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਸਕੂਲੀ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਚਿੱਤਰ ਪ੍ਰਦਰਸ਼ਨੀ ਤੋਂ ਇਲਾਵਾ ਮੰਤਰਾਲੇ ਵੱਲੋਂ ਸਕੂਲੀ ਬੱਚਿਆਂ ਦੇ ਵੱਖੋ-ਵੱਖ ਮੁਕਾਬਲੇ ਵੀ ਕਰਵਾਏ ਜਾ ਰਹੇ ਨੇ।
ਬਹਿਰਹਾਲ ਚਿੱਤਰ ਪ੍ਰਦਰਸ਼ਨੀ ਦੇ ਦੂਜੇ ਦਿਨ ਨਗਰ ਨਿਗਮ ਦੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਇਸਦੇ ਨਾਲ ਹੀ ਸਵੇਰੇ 6.30 ਵਜੇ ਫਿੱਟ ਇੰਡੀਆ ਫਰੀਡਮ ਰਨ ਦਾ ਵੀ ਆਯੋਜਨ ਕੀਤਾ ਜਾਵੇਗਾ, ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੇਨ ਗੇਟ ਤੋਂ ਸ਼ੁਰੂ ਹੋ ਕੇ ਇੰਡੀਆ ਗੇਟ ਤਕ ਆਯੋਜਿਤ ਕਰਵਾਈ ਜਾਵੇਗੀ। ਇਸ ਦੌੜ ਨੂੰ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੰਦੀਪ ਰਿਸ਼ੀ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ।