ਕੈਂਪ ਦੌਰਾਨ ਐਸ.ਡੀ.ਐਮ ਤੇ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਸੁਣੀਆ ਮੁਸ਼ਕਿਲਾਂ
ਖਰੜ, 16 ਫਰਵਰੀ 2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਸਬ ਡਵੀਜ਼ਨ ਖਰੜ੍ਹ ਦੇ ਪਿੰਡ ਬਾਸੀਆਂ, ਪੋਪਨਾ, ਨਿਆਮੀਆਂ, ਗੜਾਂਗਾ ਅਤੇ ਸਿੱਲ ਵਿਖੇ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕੀਤਾ।
ਐਸ.ਡੀ.ਐਮ ਨੇ ਕੈਂਪ ’ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਲੱਗਣ ਵਾਲੇ ਸੁਵਿਧਾ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੀ ਹਰੇਕ ਸਬ ਡਵੀਜਨ ਵਿਚ ਰੋਜ਼ਾਨਾ 4 ਤੋਂ 6 ਕੈਂਪ ਲੱਗ ਰਹੇ ਹਨ। ਇਸ ਨਿਵੇਕਲੀ ਪਹਿਲਕਦਮੀ ਨਾਲ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਕੌਂਸਲ ਦੇ ਵਾਰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਇਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।