ਕਣਕ ਦੀ ਫਸਲ ਨੂੰ ਅੱਗ ਜਿਹੀਆਂ ਘਟਨਾਵਾਂ ਤੋਂ ਬਚਾਉਣ ਲਈ ਸਾਂਝੇ ਹੰਭਲੇ ਦੀ ਲੋੜ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਅਗਾਂਹਵਧੂ ਕਿਸਾਨਾਂ ਦੇ ਵਾਤਾਵਰਨ ਪੱਖੀ ਉਪਰਾਲਿਆਂ ਨੂੰ ਸਲਾਹਿਆ
ਬਰਨਾਲਾ, 6 ਅਪਰੈਲ 2021
ਕਣਕ ਦੀ ਫਸਲ ਨੂੰ ਅਚਾਨਕ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਫਸਲੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਹਾੜੀ ਦੀ ਪ੍ਰਮੁੱਖ ਫਸਲ ਕਣਕ ਪੱਕ ਚੁੱਕੀ ਹੈ ਅਤੇ ਸਰਕਾਰੀ ਖਰੀਦ ਵੀ 10 ਅਪਰੈਲ ਤੋਂ ਸ਼ੁਰੂ ਹੋ ਰਹੀ ਹੈ। ਉਨਾਂ ਆਖਿਆ ਕਿ ਪੱਕੀ ਫਸਲ ਨੂੰ ਅੱਗ ਲੱਗਣ ਜਿਹੀਆਂ ਘਟਨਾਵਾਂ ਤੋਂ ਬਚਾਉੁਣ ਲਈ ਜ਼ਿਲਾ ਪ੍ਰਸ਼ਾਸਨ ਅਤੇ ਵਿਭਾਗਾਂ ਦੇ ਨਾਲ ਨਾਲ ਕਿਸਾਨਾਂ ਦੇ ਵੀ ਪੂਰੇ ਸਹਿਯੋਗ ਦੀ ਜ਼ਰੂਰਤ ਹੈ। ਉਨਾਂ ਆਖਿਆ ਕਿ ਜਿੱੱਥੇ ਕਣਕ ਦੀ ਪੱਕੀ ਫਸਲ ਨੂੰ ਸੁਰੱਖਿਅਤ ਕਰਨਾ ਹੈ, ਉਥੇ ਫਸਲ ਕੱਟਣ ਮਗਰੋਂ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਜਾਵੇ, ਕਿਉਕਿ ਇਸ ਨਾਲ ਜਿੱਥੇ ਨੇੜਲੇ ਖੇਤਾਂ ਵਿਚ ਪੱਕੀ ਫਸਲ ਦਾ ਨੁਕਸਾਨ ਹੋ ਜਾਂਦਾ ਹੈ, ਉਥੇ ਵਾਤਾਵਰਣ ਵੀ ਗੰਧਲਾ ਹੁੰਦਾ ਹੈ।
ਇਸ ਮੌਕੇ ਉਨਾਂ ਅਗਾਂਹਵਧੂ ਕਿਸਾਨਾਂ ਤੋਂ ਸੁਝਾਅ ਲਏ ਤਾਂ ਜੋ ਕਿਸਾਨਾਂ ਦੀ ਪੱਕੀ ਫਸਲ ਦਾ ਨੁਕਸਾਨ ਨਾ ਹੋਵੇ। ਉਨਾਂ ਆਖਿਆ ਕਿ ਹਾੜੀ ਦੇ ਸੀਜ਼ਨ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿਚ ਹੀ ਵਾਹ ਦਿੱਤਾ ਜਾਵੇ, ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ, ਉਥੇ ਵਾਤਾਵਰਣ ਵੀ ਦੂਸ਼ਿਤ ਨਹੀਂ ਹੁੰਦਾ। ਉਨਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ।
ਇਸ ਮੌਕੇ ਖੇਤੀਬਾੜੀ ਅਫਸਰ ਮਹਿਲ ਕਲਾਂ ਡਾ. ਲਖਵੀਰ ਸਿੰਘ, ਏਡੀਓ ਬਰਨਾਲਾ ਡਾ. ਗੁਰਚਰਨ ਸਿੰਘ, ਡਾ. ਗੁਰਮੀਤ ਸਿੰਘ, ਡਾ. ਅੰਮਿ੍ਰਤਪਾਲ ਸਿੰਘ, ਸਫਲ ਕਿਸਾਨ ਹਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਕਾਹਨੇਕੇ ਨੇ ਵੀ ਆਪਣੇ ਵਿਚਾਰ ਰੱਖੇ।

Spread the love