*ਦਾਣਾ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
*ਮੰਡੀਆਂ ’ਚ ਕੋਵਿਡ ਸਾਵਧਾਨੀਆਂ ਯਕੀਨੀ ਬਣਾਉਣ ਦੀ ਕੀਤੀ ਤਾਕੀਦ
*ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਕੀਤੀ ਅਪੀਲ
ਨਵਾਂਸ਼ਹਿਰ, 1 ਅਕਤੂਬਰ :
ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਝੋਨੇ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਝੋਨੇ ਦੀ ਸੁਚੱਜੀ ਖ਼ਰੀਦ ਲਈ ਪੂਰੇ ਸੂਬੇ ਵਿਚ ਯੋਜਨਾਬੱਧ ਢੰਗ ਨਾਲ ਸਾਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਰਾਂ ਲਿਫਟਿੰਗ ਅਤੇ ਅਦਾਇਗੀ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇਗੀ। ਉਨਾਂ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਲੋਕਾਂ ਨੂੰ ਮੰਡੀਆਂ ਵਿਚ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣ, ਹੱਥ ਧੋਣ ਆਦਿ ਵਰਗੀਆਂ ਕੋਵਿਡ ਸਾਵਧਾਨੀਆਂ ਯਕੀਨੀ ਬਣਾਉਣ ਦੀ ਤਾਕੀਦ ਕੀਤੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨ ਮਾਜਰਾ, ਰਾਜਿੰਦਰ ਚੋਪੜਾ, ਰੋਮੀ ਖੋਸਲਾ, ਜੋਗਿੰਦਰ ਸਿੰਘ ਭਗੌਰਾ, ਵਿਕਾਸ ਸੋਨੀ, ਡੀ. ਐਫ. ਐਸ. ਸੀ ਰਾਜੇਸ਼ ਭਾਸਕਰ, ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ, ਭੁਵਨ ਸ਼ਾਰਦਾ ਤੇ ਹੋਰ ਹਾਜ਼ਰ ਸਨ।