ਨਵਾਂਸ਼ਹਿਰ, 20 ਮਈ, 2021 :
ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 1108 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 47 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤਾਂ ਵਿਖਚ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਅੱਗ ਦੇ ਧੂੰਏਂ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੰਖੀ ਜੀਵਨ ਲਈ ਅਨੇਕਾਂ ਬਿਮਾਰੀਆਂ ਵੀ ਪੈਦਾ ਕਰਦਾ ਹੈ ਅਤੇ ਧਰਤੀ ’ਤੇ ਜੋ ਮਨੁੱਖ ਦੇ ਮਿੱਤਰ ਜੀਵ-ਜੰਤੂ ਹਨ, ਉਹ ਵੀ ਸੜ ਜਾਂਦੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਨਾੜ ਨੂੰ ਸਾੜਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ। ਜੇਕਰ ਫਿਰ ਵੀ ਕੋਈ ਵਿਅਕਤੀ ਅਜਿਹੀ ਗ਼ਲਤੀ ਜਾਣ-ਬੁੱਝ ਕੇ ਕਰਦਾ ਹੈ, ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।