ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਔਰਤਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਆਯੋਜਿਤ ਵਿਸ਼ੇਸ ਲੋਕ ਅਦਾਲਤ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਕੇਸਾਂ ਨੂੰ ਸੁਣਿਆ
ਤਰਨ ਤਾਰਨ, 22 ਜੁਲਾਈ 2021
ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਵੱਲੋਂ ਅੱਜ ਸਥਾਨਕ ਪੇਂਡੂ ਵਿਕਾਸ ਤੇ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ, ਇਸ ਉਪਰੰਤ ਉਹਨਾਂ ਵੱਲੋਂ ਔਰਤਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਆਯੋਜਿਤ ਵਿਸ਼ੇਸ ਲੋਕ ਅਦਾਲਤ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਕੇਸਾਂ ਨੂੰ ਸੁਣਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ, ਨਿੰਬਾਲੇ, ਐੱਸ. ਐੱਸ. ਪੀ. ਫਾਜ਼ਿਲਕਾ ਸ੍ਰੀ ਦੀਪਕ ਹਿਲੋਰੀ, ਐੱਸ. ਐੱਸ. ਪੀ. ਫਿਰੋਜ਼ਪੁਰ ਸ੍ਰੀ ਭਾਗੀਰਥ ਮੀਨਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀਮਤੀ ਅਨਮਜੋਤ ਕੌਰ ਅਤੇ ਐੱਸ ਪੀ. ਸ੍ਰੀ ਜਗਜੀਤ ਸਿੰਘ ਵਾਲੀਆਂ ਤੋਂ ਇਲਾਵਾ ਸਬੰਧਿਤ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮੁੱਖ ਮੰਤਵ ਔਰਤਾਂ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਹੈ ਤਾਂ ਜੋ ਸਮਾਜ ਵਿਚ ਔਰਤਾਂ ਨੂੰ ਹੋਰ ਸਨਮਾਨਜਨਕ ਸਥਾਨ ਮਿਲ ਸਕੇ। ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਆਉਣ ਵਾਲੀਆਂ ਸ਼ਿਕਾਇਤਾਂ ਅਤੇ ਖਾਸ ਕਰਕੇ ਜੋ ਸ਼ਿਕਾਇਤਾਂ ਕਮਿਸ਼ਨ ਵਲੋਂ ਭੇਜੀਆਂ ਜਾਂਦੀਆਂ ਹਨ, ਉਨਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ।
ਉਨਾਂ ਸਮੂਹ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਨਾਂ ਪਾਸ ਜੋ ਸ਼ਿਕਾਇਤਾਂ ਆਉਂਦੀਆਂ ਹਨ, ਉਨਾਂ ਨੂੰ ਤੈਅ ਸਮਾਂ ਸੀਮਾਂ ਅੰਦਰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਤਾਂ ਜੋ ਪੀੜਤਾਂ ਨੂੰ ਜਲਦ ਇਨਸਾਫ ਮਿਲ ਸਕੇ। ਉਨਾਂ ਕਿਹਾ ਕਿ ਜ਼ਿਲ੍ਹਿਆਂ ਅੰਦਰ ਔਰਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਜ਼ਿਲਾ੍ਹ ਪੱਧਰ ‘ਤੇ ਇੱਕ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਹੋ ਸਕੇ।
ਮੀਟਿੰਗ ਦੌਰਾਨ ਉਨਾਂ ਘਰੇਲੂ ਹਿੰਸਾ, ਬੱਚਿਆਂ ਦੀ ਸੁਰੱਖਿਆ, ਸਕੂਲਾਂ, ਕਾਲਜਾਂ ਸਮੇਤ ਸਿੱਖਿਆ ਸੰਸਥਾਵਾਂ ਅਤੇ ਪਬਲਿਕ ਥਾਵਾਂ ‘ਤੇ ਔਰਤਾਂ ਦੇ ਹਿੱਤਾਂ ਦੀ ਸੁਰੱਖਿਆ ਆਦਿ ਨੂੰ ਯਕੀਨੀ ਬਣਾਉਣ ਲਈ ਸੰਬਧਿਤ ਅਧਿਕਾਰੀਆਂ ਨੂੰ ਕਿਹਾ ਕਿ ਔਰਤਾਂ ਨਾਲ ਦੁਰਵਿਵਹਾਰ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਰੁਖ਼ ਆਪਣਾਇਆ ਜਾਵੇ।
ਚੇਅਰਪਰਸਨ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਔਰਤਾਂ ਦੀ ਸਿਹਤ ਸੰਭਾਲ, ਪੋਸ਼ਟਿਕ ਆਹਾਰ ਅਤੇ ਸਰਕਾਰ ਵਲੋਂ ਅੋਰਤਾਂ ਦੀ ਭਲਾਈ ਲਈ ਜੋ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਨਾਂ ਦਾ ਲਾਭ ਪੁੁੱਜਦਾ ਕਰਨ ਨੂੰ ਯਕੀਨੀ ਬਣਾਉਣ ਅਤੇ ਉਨਾਂ ਦੇ ਹੱਕਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਉਨਾਂ ਨੂੰ ਆਦੇਸ਼ ਦਿੱਤੇ ਕਿ ਭਲਾਈ ਸਕੀਮਾਂ ਹੇਠਲੇ ਪੱਧਰ ਤਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਉਹਨਾਂ ਕਿਹਾ ਕਿ ਸਰਕਾਰੀ ਕੰਮ-ਕਾਜ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਉਹਨਾਂ ਲਈ ਪੀਣ ਵਾਲੇ ਪਾਣੀ ਅਤੇ ਬੈਠਣ ਲਈ ਢੁਕਵੀਂ ਵਿਵਸਥਾ ਕੀਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਲੋਂ ਚੇਅਰਪਰਸਨ ਮਹਿਲਾ ਰਾਜ ਕਮਿਸ਼ਨ ਪੰਜਾਬ ਨੂੰ ਭਰੋਸਾ ਦਿੱਤਾ ਗਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਔਰਤਾਂ ਦੀ ਭਲਾਈ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਔਰਤਾਂ ਦੇ ਹਿੱਤਾਂ ਤੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।