ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਬਰਨਾਲੇ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ

Sorry, this news is not available in your requested language. Please see here.

— 4 ਮੁਕਾਬਲਿਆਂ ‘ਚੋਂ 2 ਮੁਕਾਬਲਿਆਂ ‘ਤੇ ਬਰਨਾਲਾ ਦੀਆਂ ਵਿਦਿਆਰਥਣਾਂ ਰਹੀਆ ਕਾਬਜ਼।

ਬਰਨਾਲਾ,15 ਨਵੰਬਰ:

 ਸੂਬੇ ਦੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ.ਵੀਰਪਾਲ ਕੌਰ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਾਹਿਤ ਅਤੇ ਪੁਸਤਕਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਹੀ ਉਪਰਾਲਿਆਂ ਤਹਿਤ ਭਾਸ਼ਾ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਪੱਧਰੀ ਮੁਕਾਬਲਿਆਂ ਉਪਰੰਤ ਰਾਜ ਪੱਧਰ ‘ਤੇ ਹੋਏ ਚਾਰ ਵੰਨਗੀਆਂ ਦੇ ਮੁਕਾਬਲਿਆਂ ਵਿੱਚੋਂ ਦੋ ਵੰਨਗੀਆਂ ਦੇ ਮੁਕਾਬਲਿਆਂ ਵਿੱਚੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਬਿੰਦਰ ਸਿੰਘ ਖੁੱਡੀ ਕਲਾਂ ਕਾਰਜਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ ਦੇ ਪ੍ਰਬੰਧਾਂ ਅਧੀਨ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ(ਲੜਕੀਆਂ) ਵਿਖੇ ਕਰਵਾਏ ਰਾਜ ਪੱਧਰੀ ਮੁਕਾਬਲਿਆਂ ‘ਚ ਜ਼ਿਲਿਆਂ ਦੇ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ।ਇਸ ਦੌਰਾਨ ਸਾਹਿਤ ਸਿਰਜਣ ਦੀਆਂ ਤਿੰਨ ਵੰਨਗੀਆਂ ਕਵਿਤਾ ਸਿਰਜਣ,ਲੇਖ ਸਿਰਜਣ,ਕਹਾਣੀ ਸਿਰਜਣ ਅਤੇ ਕਵਿਤਾ ਗਾਇਨ ਸਮੇਤ ਕੁੱਲ ਚਾਰ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ।ਜੱਜਾਂ ਵੱਲੋਂ ਐਲਾਨੇ ਨਤੀਜੇ ਅਨੁਸਾਰ ਕਵਿਤਾ ਗਾਇਨ ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਸਹਿਜੜਾ ਦੀ ਵਿਦਿਆਰਥਣ ਚਰਨਕੰਵਲ ਕੌਰ ਨੇ ਰਾਜ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਅੰਸ਼ਿਕਾ ਕੁਮਾਰੀ ਨੇ ਕਵਿਤਾ ਰਚਨਾ ਮੁਕਾਬਲੇ ਵਿੱਚੋਂ ਰਾਜ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਜੇਤੂ ਵਿਦਿਆਰਥਣਾਂ ਨੂੰ ਭਾਸ਼ਾ ਵਿਭਾਗ ਵੱਲੋਂ ਸਰਟੀਫਿਕੇਟ ਅਤੇ 2000-2000 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

ਵਿਦਿਆਰਥਣਾਂ ਦੀ ਪ੍ਰਾਪਤੀ ‘ਤੇ ਖੁਸ਼ ਹੁੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ ਸਮਸ਼ੇਰ ਸਿੰਘ,ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਬਰਜਿੰਦਰਪਾਲ ਸਿੰਘ,ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ ਅਤੇ ਕਾਰਜਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਜਿੱਤ ਦਾ ਸਿਹਰਾ ਉਹਨਾਂ ਦੀ ਮਿਹਨਤ,ਮਾਪਿਆਂ ਦੇ ਸਹਿਯੋਗ,ਵਿਦਿਆਰਥਣਾਂ ਦੇ ਗਾਈਡ ਅਧਿਆਪਕਾਂ ਕਿਰਨਦੀਪ ਕੌਰ ਪੰਜਾਬੀ ਮਿਸਟ੍ਰੈਸ,ਬਲਜੀਤ ਸਿੰਘ ਅਕਲੀਆ ਪੰਜਾਬੀ ਮਾਸਟਰ ਅਤੇ ਸਕੂਲ ਮੁਖੀਆਂ ਪਰਗਟ ਸਿੰਘ ਅਤੇ ਮੈਡਮ ਸਵਾਤੀ ਸਮੇਤ ਜੇਤੂ ਵਿਦਿਆਰਥਣਾਂ ਦੇ ਸਕੂਲਾਂ ਦੇ ਸਮੁੱਚੇ ਸਟਾਫ ਨੂੰ ਜਾਂਦਾ ਹੈ।ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਸਕੂਲ ਸਿੱਖਿਆ ਅਤੇ ਭਾਸ਼ਾ ਵਿਭਾਗ ਲਈ ਮਾਣ ਵਾਲੀ ਗੱਲ ਹੈ।ਉਹਨਾਂ ਬਾਕੀ ਵਿਦਿਆਰਥੀਆਂ ਨੂੰ ਵੀ ਇਹਨਾਂ ਵਿਦਿਆਰਥਣਾਂ ਦੀ ਪ੍ਰਾਪਤੀ ਤੋਂ ਪ੍ਰੇਰਨਾ ਲੈ ਕੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਸ਼ਿਰਕਤ ਕਰਨ ਲਈ ਕਿਹਾ।ਇਸ ਮੌਕੇ ਭਾਸ਼ਾ ਵਿਭਾਗ ਦੇ ਖੋਜ ਅਫਸਰ ਡਾ.ਸੰਤੋਖ ਸਿੰਘ ਸੁੱਖੀ ਅਤੇ ਸੱਤਪਾਲ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਖਾਲਸਾ ਕਾਲਜ ਦਾ ਸਟਾਫ ਹਾਜ਼ਰ ਰਿਹਾ।

Spread the love