ਮੁੱਖ ਮੰਤਰੀ ਵਲੋਂ ਅਨੁਸੂਚਿਤ ਜਾਤੀਆਂ ਦੇ 50 ਹਜ਼ਾਰ ਦੇ ਕਰਜ਼ੇ ਮਾਫ ਕਰਨ ਦਾ ਐਲਾਨ

Sorry, this news is not available in your requested language. Please see here.

ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਨੂੰ 41.48 ਕਰੋੜ ਰੁਪਏ ਦੀ ਮਿਲੇਗੀ ਰਾਹਤ- ਇੰਜ: ਮੋਹਨ ਲਾਲ ਸੂਦ
ਲੁਧਿਆਣਾ, 17 ਅਗਸਤ  2021 ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਮੋਹਨ ਲਾਲ ਸੂਦ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਆਜਾਦੀ ਦਿਵਸ ਮੌਕੇ ਕਾਰਪੋਰੇਸ਼ਨ ਪਾਸੋਂ 31 ਮਾਰਚ, 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜਦਾਰਾਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮਾਫ ਕਰਨ ਦਾ ਐਲਾਨ ਕਰਕੇ ਲੱਗਭੱਗ 10151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ, ਪੰਜਾਬ ਵਲੋਂ ਕੀਤੇ ਇਸ ਐਲਾਨ ਦਾ ਚੇਅਰਮੈਨ, ਇੰਜ: ਸੂਦ ਵਲੋਂ ਸਵਾਗਤ ਕੀਤਾ ਗਿਆ ਅਤੇ ਇਹ ਲੋਕ ਪੱਖੀ ਫੈਸਲਾ ਲੈਣ ਤੇ ਧੰਨਵਾਦ ਵੀ ਕੀਤਾ ਗਿਆ।
ਚੇਅਰਮੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਵਿਸ਼ੇਸ ਤੌਰ ‘ਤੇ ਮਾਨਯੋਗ ਮੁੱਖ ਮੰਤਰੀ  ਨੂੰ 28 ਜੂਨ, 2021 ਨੂੰ ਇਕ ਡੀ.ਓ. ਪੱਤਰ ਲਿਖ ਕੇ ਅਤਿ ਮਹੱਤਵਪੂਰਨ ਮੁੱਦਾ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਜਿਵੇਂ ਪੰਜਾਬ ਸਰਕਾਰ ਵਲੋਂ ਰਾਜ ਵਿਚ ਕਿਸਾਨਾਂ ਦਾ ਕਰਜ਼ਾ ਮਾਫ ਕਰਕੇ ਰਾਹਤ ਦਿੱਤੀ ਗਈ ਹੈ ਉਸੇ ਹੀ ਤਰਜ ‘ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜਾ ਵੀ ਮਾਫ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਮਹਾਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜਾ ਚੁੱਕ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜਾਰਾ ਚਲਾ ਰਹੇ ਸੀ, ਬੁਰੀ ਤਰਾਂ ਪ੍ਰਭਾਵਤ ਹੋਏ ਹਨ ਜਿਸ ਤੇ ਮਾਨਯੋਗ ਮੁੱਖ ਮੰਤਰੀ ਜੀ ਵਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਸਨ।
ਇੰਜ: ਸੂਦ ਨੇ ਇਹ ਵੀ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਸੂਬੇ ਦੇ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸਾਂ ਤੱਤਪਰ ਰਹੇ ਅਤੇ ਇਸੀ ਲੜੀ ਦੇ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਪਾਸੋਂ 50 ਹਜ਼ਾਰ ਤੱਕ ਦਾ ਕਰਜਾ ਪ੍ਰਾਪਤ ਕਰਨ ਵਾਲੇ ਕਰਜਦਾਰਾਂ ਦਾ ਕਰਜਾ ਮਾਫ ਕਰਕੇ 14260 ਕਰਜਦਾਰਾਂ ਨੂੰ 45.41 ਕਰੋੜ ਰੁਪਏ ਦੀ ਭਾਰੀ ਰਾਹਤ ਦਿੱਤੀ ਗਈ ਸੀ। ਇਸ ਤਰ੍ਹਾਂ ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜੇ ਮਾਫ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਕੈਪਟਨ ਸਾਹਿਬ ਦੇ ਸੁਕਰਗੁਜਾਰ ਹਨ। ਇਸ ਫੈਸਲੇ ਨਾਲ ਦਲਿਤ ਸਮਾਜ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਸੂਦ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜੇ ਮਾਫੀ ਨਾਲ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸੁਰੂ ਕਰਨ ਦੇ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜਾ (ਸਮੇਤ 1.35 ਕਰੋੜ ਰੁਪਏ ਦੀ ਸਬਸਿਡੀ) ਦੇ ਕੇ ਵੱਡੀ ਉਪਲੱਬਧੀ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੋਨਾ ਮਹਾਮਾਰੀ ਕਾਰਨ ਲਾਕਡਾਊਨ ਹੋਣ ਦੇ ਬਾਵਜੂਦ ਵੀ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜਾ (ਸਮੇਤ 1.65 ਕਰੋੜ ਰੁਪਏ ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ।
ਉਨਾਂ ਅੱਗੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ‘ਤੇ ਗੋਲਡਨ ਜੁਬਲੀ ਵਰ੍ਹੇ ਦੇ ਤੌਰ ‘ਤੇ ਮਨਾ ਰਹੀ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਵੰਡਣ ਦਾ ਟੀਚਾ 500.00 ਲੱਖ ਰੁ: ਤੋਂ ਵਧਾ ਕੇ 1000.00 ਲੱਖ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿਚ ਪੰਜਾਬ ਦੇ ਵੱਖ ਵੱਖ ਸਹਿਰਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜਦਾਰਾਂ ਨੂੰ ਕਰਜਿਆਂ ਦੇ ਮਨਜੂਰੀ ਪੱਤਰ ਵੰਡੇ ਜਾ ਰਹੇ ਹਨ ਇਨਾਂ ਪ੍ਰੋਗਰਾਮਾਂ ਦੀ ਲੜੀ ਵਿਚ ਮੁੱਲਾਂਪੁਰ ਦਾਖਾ, ਬੰਗਾ, ਅੰਮ੍ਰਿਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਸੇ ਤਰਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।
ਜ਼ਿਲ੍ਹਾ ਮੈਨੇਜਰ ਸ੍ਰੀ ਵਿਜੈ ਕੁਮਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਘੋਸ਼ਣਾ ਦਾ ਧੰਨਵਾਦ ਕੀਤਾ ਗਿਆ।
Spread the love