ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਗੋਇਲ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 11 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ (82) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੋਇਲ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਇਕ ਬੇਟੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਬ੍ਰਿਜ ਲਾਲ ਗੋਇਲ ਨੂੰ ਪਾਰਟੀ ਦਾ ਅਨੁਸਾਸ਼ਿਤ ਸਿਪਾਹੀ ਅਤੇ ਪਟਿਆਲਾ ਜ਼ਿਲੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ ਵਾਲਾ ਅਣਥੱਕ ਵਰਕਰ ਦੱਸਿਆ।
ਸ੍ਰੀ ਗੋਇਲ 1972 ਵਿੱਚ ਰਾਜਪੁਰਾ ਤੋਂ ਵਿਧਾਇਕ ਬਣੇ ਸਨ। ਉਹ ਪਨਸਪ ਅਤੇ ਪੰਜਾਬ ਪਸ਼ੂਧਨ ਵਿਕਾਸ ਬੋਰਡ ਦੇ ਚੇਅਰਮੈਨ ਵੀ ਰਹੇ ਹਨ।
ਪੀੜਤ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਸੇ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਸਾਬਕਾ ਕਾਂਗਰਸੀ ਵਿਧਾਇਕ ਸ੍ਰੀ ਗੋਇਲ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ।