ਰੂਪਨਗਰ, 2 ਜਨਵਰੀ 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਜੀਪੀ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਤੇ ਪੰਜਾਬ ਪੁਲਿਸ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਐਸ.ਐਸ.ਪੀ. ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਰੂਪਨਗਰ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਰੂਪਨਗਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਖ-ਵੱਖ ਥਾਵਾਂ ‘ਤੇ ਸਰਚ ਅਪਰੇਸ਼ਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਆਉਣ ਵਾਲੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਵੱਲੋਂ ਜ਼ਿਲ੍ਹੇ ਦੇ 8 ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਅਤੇ ਸਬ ਡਵੀਜ਼ਨਾਂ ਵਿੱਚ ਡੀ.ਐਸ.ਪੀ. ਅਤੇ ਚੌਕੀ ਇੰਚਾਰਜਾਂ ਦੀ ਅਗਵਾਈ ਹੇਠ ਇਸ ਖਾਸ ਸਰਚ ਓਪਰੇਸ਼ਨ, ਲਗਭਗ 200 ਪੁਲਿਸ ਮੁਲਾਜ਼ਮਾਂ ਦੇ ਨਾਲ ਚਲਾਇਆ ਗਿਆ।
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦਾ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਜਾਂ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿਛ ਵੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਹ ਸਰਚ ਓਪਰੇਸ਼ਨ ਗਣਤੰਤਰ ਦਿਵਸ ਤੱਕ ਨਿਰੰਤਰ ਜਾਰੀ ਰਹੇਗਾ ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਹੋਟਲਾਂ, ਸਰਾਵਾਂ ਅਤੇ ਹੋਰ ਥਾਵਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ।
ਇਸ ਮੌਕੇ ਐਸ.ਪੀ. ਹੈਡਕੁਆਟਰ ਸ. ਰਾਜਪਾਲ ਸਿੰਘ ਹੁੰਦਲ, ਡੀ.ਐਸ.ਪੀ. ਰੂਪਨਗਰ ਸ. ਤਰਲੋਚਨ ਸਿੰਘ ਅਤੇ ਪੁਲੀਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।