ਰੂਪਨਗਰ, 5 ਜਨਵਰੀ 2024
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਲੰਬਿਤ ਪਏ ਇੰਤਕਾਲ ਨਿਪਟਾਉਣ ਲਈ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹੇ ਦੇ ਹਰ ਸਬ ਡਵੀਜ਼ਨ ਦੇ ਤਹਿਸੀਲਦਾਰ ਦਫਤਰ/ਫਰਦ ਕੇਂਦਰ ਵਿਖੇ ਲਗਣਗੇ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ।
ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।