ਸਰਕਾਰੀ ਸਕੂਲਾਂ ਵਿੱਚ ਪਹਿਲੀ ਅਪ੍ਰੈਲ ਤੋਂ ਆਨਲਾਈਨ ਸ਼ੁਰੂ ਹੋਵੇਗੀ ਨਵੇਂ ਵਿੱਦਿਅਕ ਸੈਸ਼ਨ ਦੀ ਪੜ੍ਹਾਈ

Sorry, this news is not available in your requested language. Please see here.

ਸਮੂਹ ਸਰਕਾਰੀ ਸਕੂਲਾਂ ਨੇ ਗੈਰ-ਬੋਰਡ ਜਮਾਤਾਂ ਦੇ ਨਤੀਜੇ ਐਲਾਨੇ
ਤਰਨਤਾਰਨ, 31 ਮਾਰਚ :
ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਕੋਵਿਡ ਪਾਬੰਦੀਆਂ ਦੇ ਪ੍ਰਭਾਵ ਤੋਂ ਬਚਾਉਣ ਲਈ ਪਹਿਲੀ ਅਪ੍ਰੈਲ ਤੋਂ ਆਨਲਾਈਨ ਜਮਾਤਾਂ ਲਗਾ ਕੇ ਬਕਾਇਦਾ ਪੜ੍ਹਾਈ ਸ਼ੁਰੂ ਕੀਤੀ ਜਾ ਰਹੀ ਹੈ।
ਵਰਨਣਯੋਗ ਹੈ ਕਿ ਸੂਬੇ `ਚ ਕੋਰੋਨਾ ਕੇਸਾਂ `ਚ ਇਜ਼ਾਫੇ ਨੂੰ ਵੇਖਦਿਆਂ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਸਕੂਲ ਬੰਦ ਕਰਨ ਦੇ ਐਲਾਨ ਨਾਲ ਜਿੱਥੇ ਪੰਜਵੀਂ ਅਤੇ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਅੱਧ ਵਿਚਕਾਰ ਰੁਕ ਗਈਆਂ ਸਨ,ਉੱਥੇ ਹੀ ਅੱਠਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਨਹੀਂ ਹੋ ਸਕੀਆਂ ਸਨ।ਵਿਦਿਆਰਥੀਆਂ ਦੀ ਅਗਲੇ ਸੈਸ਼ਨ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਗੈਰ-ਬੋਰਡ ਜਮਾਤਾਂ ਦੇ ਨਤੀਜੇ ਪਿਛਲੇ ਸੈਸ਼ਨਾਂ ਵਾਂਗ ਹੀ 31 ਮਾਰਚ ਨੂੰ ਐਲਾਨ ਕੇ ਪਹਿਲੀ ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਪੜ੍ਹਾਈ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਜਦਕਿ ਬੋਰਡ ਜਮਾਤਾਂ ਦੀ ਪ੍ਰੀਖਿਆ ਤਿਆਰੀ ਪੜ੍ਹਾਈ ਪਹਿਲਾਂ ਵਾਂਗ ਹੀ ਜਾਰੀ ਰਹੇਗੀ।
     ਸ੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸ੍ਰੀ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਅਤੇ ਪਰਮਜੀਤ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਹਰਪਾਲ ਸਿੰਘ ਸੰਧਾਵਾਲੀਆ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਗੈਰ ਬੋਰਡ ਜਮਾਤਾਂ ਦਾ ਨਤੀਜਾ ਵਿਭਾਗੀ ਹਦਾਇਤਾਂ ਅਤੇ ਪ੍ਰਕ੍ਰਿਆ ਅਨੁਸਾਰ ਐਲਾਨ ਦਿੱਤਾ ਗਿਆ ਹੈ।ਸਮੂਹ ਸਕੂਲ `ਚ ਨਵੇਂ ਵਿੱਦਿਅਕ ਸੈਸ਼ਨ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ ਅਤੇ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾਈਆਂ ਜਾਣਗੀਆਂ।
ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਕੋਵਿਡ ਦੇ ਵਧਦੇ ਖਤਰੇ ਬਾਰੇ ਜਾਗਰੂਕ ਕਰਨ ਦੇ ਨਾਲ ਪਾਬੰਦੀਆਂ ਦੇ ਪਾਲਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।ਸਰਕਾਰੀ ਸਕੂਲਾਂ `ਚ ਆਨਲਾਈਨ ਪੜ੍ਹਾਈ ਦੀ ਵਿਵਸਥਾ ਬਾਰੇ ਦੱਸਦਿਆਂ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਦੀ ਅਚਾਨਕ ਹੋਈ ਤਾਲਾਬੰਦੀ ਸਮੇਂ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਬੜੇ ਹੁਨਰ ਨਾਲ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦਿਆਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਨਾਲ ਜੋੜਿਆ ਸੀ।ਇਸਦੇ ਨਾਲ ਹੀ ਵਿਭਾਗ ਵੱਲੋਂ ਦੂਰਦਰਸ਼ਨ `ਤੇ ਵੀ ਆਨਲਾਈਨ ਜਮਾਤਾਂ ਦੀ ਵਿਵਸਥਾ ਕੀਤੀ ਗਈ ਸੀ।ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਪਰਿਪੱਕ ਹਨ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਪਾਬੰਦੀਆਂ ਤੱਕ ਜਿੱਥੇ ਨਵੀਆਂ ਜਮਾਤਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਤਰੀਕੇ ਜਾਰੀ ਰੱਖੀ ਜਾਵੇਗੀ ਉੱਥੇ ਹੀ ਬੋਰਡ ਜਮਾਤਾਂ ਦੀ ਪ੍ਰੀਖਿਆ ਤਿਆਰੀ ਵੀ ਜਾਰੀ ਰੱਖੀ ਜਾਵੇਗੀ।
       ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨ ਕੇ ਪਹਿਲੀ ਅਪ੍ਰੈਲ ਤੋਂ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਦੇ ਸਰਕਾਰੀ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪਨੂੰਆਂ ਦੇ ਪ੍ਰਿੰਸੀਪਲ ਪ੍ਰਵੀਨ ਕੁਮਾਰ ਨੇ ਕਿਹਾ ਕਿ ਇਸ ਨਾਲ ਵਿਦਿਆਰਥੀ ਨਵੇਂ ਸੈਸ਼ਨ ਦੀ ਪੜ੍ਹਾਈ ਬਿਹਤਰ ਤਰੀਕੇ ਨਾਲ ਕਰ ਸਕਣਗੇ।ਵਿਭਾਗ ਦੇ ਇਸ ਫੈਸਲੇ ਦਾ ਮਾਪਿਆਂ ਵੱਲੋਂ ਵੀ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ।