ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਬੱਲ ਪਿੰਡ ਦੇ 8 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ
ਬਟਾਲਾ, 24 ਮਈ,2021 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਸੂਬੇ ਦੇ ਲੋਕ ਸੰਤੁਸ਼ਟ ਹਨ ਅਤੇ ਇਹੀ ਕਾਰਨ ਹੈ ਕਿ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਿੰਡ ਬੱਲ ਵਿਖੇ ਅਕਾਲੀ ਦਲ ਛੱਡ ਕੇ ਆਏ 8 ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਾਉਣ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ।
ਸ. ਬਾਜਵਾ ਨੇ ਨਵੇਂ ਮੈਂਬਰਾਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦਿਆਂ ਪੰਜਾਬ ਨੂੰ ਯੋਗ ਅਗਵਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਦੌਰਾਨ ਸੂਬੇ ਦਾ ਰਿਕਾਰਡ ਵਿਕਾਸ ਕੀਤਾ ਗਿਆ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛੱਪੜਾਂ ਦਾ ਨਵੀਨੀਕਰਨ ਕਰਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਪੂਰੀ ਤਰਾਂ ਸੰਤੁਸ਼ਟ ਹਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।