ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 26 ਜੁਲਾਈ 2021
ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਬਣੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਜ਼ਿਲਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ 15 ਅਗਸਤ ਨੰੁ ਮਨਾਇਆ ਜਾਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ਨੂੰ ਮਨਾਉਣ ਲਈ ਕੋਵਿਡ-19 ਮਹਾਂਮਾਰੀ ਸਬੰਧੀ ਸਾਵਧਾਨੀਆਂ ਦਾ ਪਾਲਣ ਕਰਦੇ ਹੋਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਾਲ ਨਿਭਾਉਣ।ਉਹਨਾਂ ਕਿਹਾ ਕਿ ਸਮਾਗਮ ਦੌਰਾਨ ਸਮਾਜਿਕ ਦੂਰੀ ਰੱਖਣ, ਮਾਸਕ ਪਹਿਨਣ ਆਦਿ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੌਕੇ ‘ਤੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਿਸ ਲਾਈਨ ਦੇ ਨਾਲ-ਨਾਲ ਸਾਰੇ ਸ਼ਹਿਰ ਦੀ ਸਫ਼ਾਈ ਕਰਵਾਉਣ ਅਤੇ ਅਤੇ ਸ਼ਹਿਰ ਦੇ ਚੌਂਕਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇ।