ਨਵਾਂਸ਼ਹਿਰ, 9 ਜੁਲਾਈ 2021
ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲੇ ਦੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ, ਜਿਨਾਂ ਦਾ ਅਨੇਕਾਂ ਬੇਰੋਜ਼ਗਾਰ ਲਾਭ ਲੈ ਚੁੱਕੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਰਹਿਨੁਮਾਈ ਹੇਠ 12 ਜੁਲਾਈ 2021, ਦਿਨ ਸੋਮਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀ ਤੀਸਰੀ ਮੰਜ਼ਿਲ ’ਤੇ ਸਥਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਪੁਖਰਾਜ ਸੇਲਜ਼ ਕੰਪਨੀ ਵੱਲੋਂ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਕਿਹਾ ਕਿ 18 ਤੋਂ 28 ਸਾਲ ਤੱਕ ਦੀ ਉਮਰ ਦੇ ਦਸਵੀਂ ਅਤੇ ਬਾਰਵੀਂ ਪਾਸ ਲੜਕੇ-ਲੜਕੀਆਂ ਆਪਣੇ ਪੜਾਈ ਦੇ ਦਸਤਾਵੇਜ਼ ਲੈ ਕੇ ਕੈਂਪ ਵਿਚ ਭਾਗ ਲੈ ਸਕਦੇ ਹਨ।