ਜ਼ਿਲੇ ਵਿਚ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਹੋਈ ਸ਼ੁਰੂਆਤ

Sorry, this news is not available in your requested language. Please see here.

ਕਰੀਬ 3400 ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਚੈੱਕ ਤਕਸੀਮ
ਜ਼ਿਲੇ ਦੇ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ ਮਿਲਿਆ ਵਧੀ ਹੋਈ ਪੈਨਸ਼ਨ ਦਾ ਲਾਭ
ਨਵਾਂਸ਼ਹਿਰ, 31 ਅਗਸਤ 2021 ਗ਼ਰੀਬਾਂ ਅਤੇ ਲੋੜਵੰਦਾਂ ਲਈ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਦਾ ਇਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੂਅਲ ਢੰਗ ਰਾਹੀਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਕੀਤੀ ਗਈ। ਇਸ ਤਰਾਂ ਹੁਣ ਸੂਬੇ ਦੇ ਕਰੀਬ 27 ਲੱਖ ਲਾਭਪਾਤਰੀਆਂ ਨੂੰ 750 ਰੁਪਏ ਦੀ ਥਾਂ 1500 ਰੁਪਏ ਮਹੀਨਾਵਾਰ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ। ਇਸ ਵਰਚੂਅਲ ਸਮਾਗਮ ਨੂੰ ਸੂਬੇ ਭਰ ਵਿਚ ਹਜ਼ਾਰਾਂ ਵੱਖ-ਵੱਖ ਥਾਵਾਂ ਨਾਲ ਜੋੜਿਆ ਗਿਆ, ਜਿਥੇ ਮੋਹਤਬਰ ਸ਼ਖਸੀਅਤਾਂ ਨੇ ਸਮਾਗਮ ਵਿਚ ਆਨਲਾਈਨ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ ਚੈੱਕ ਤਕਸੀਮ ਕੀਤੇ।
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 40 ਥਾਵਾਂ ’ਤੇ ਵਰਚੂਅਲ ਸਮਾਗਮ ਕਰਵਾਏ ਗਏ, ਜਿਸ ਦੌਰਾਨ 11 ਥਾਵਾਂ ’ਤੇ 3400 ਦੇ ਕਰੀਬ ਬਜ਼ੁਰਗ, ਵਿਧਵਾ, ਬੇਸਹਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ ਗਏ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਹੋਰਨਾਂ ਅਧਿਕਾਰੀਆਂ ਸਮੇਤ ਵਰਚੂਅਲ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਜ਼ਿਲੇ ਵਿਚ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਰਸਮੀ ਤੌਰ ’ਤੇ ਸ਼ੁਰੂਆਤ ਕਰਦਿਆਂ ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਲੋੜਵੰਦਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣੇਗੀ। ਉਨਾਂ ਕਿਹਾ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਿਚ ਦੁੱਗਣੇ ਵਾਧੇ ਨਾਲ ਲਾਭਪਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨਾਂ ਦਾ ਜੀਵਨ ਨਿਰਬਾਹ ਵਧੀਆ ਢੰਗ ਨਾਲ ਹੋ ਸਕੇਗਾ।
ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਦੱਸਿਆ ਕਿ ਜ਼ਿਲੇ ਦੇ ਸਮਾਜਿਕ ਸੁਰੱਖਿਆ ਅਧੀਨ ਵੱਖ-ਵੱਖ ਪੈਨਸ਼ਨਾਂ ਦੇ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦਾ ਲਾਭ ਮਿਲਿਆ ਹੈ, ਜਿਨਾਂ ਵਿਚੋਂ 3400 ਲਾਭਪਾਤਰੀਆਂ ਨੂੰ ਅੱਜ ਚੈੱਕਾਂ ਰਾਹੀਂ ਅਤੇ ਬਾਕੀਆਂ ਨੂੰ ਸਿੱਧੇ ਉਨਾਂ ਦੇ ਖਾਤਿਆਂ ਵਿਚ ਰਾਸ਼ੀ ਭੇਜ ਦਿੱਤੀ ਗਈ ਹੈ।
ਇਸ ਮੌਕੇ ਐਸ. ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਡੀ. ਐਫ. ਐਸ. ਓ ਜਤਿਨ ਵਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਲਾਭਪਾਤਰੀਆਂ ਨੂੰ ਪੈਨਸ਼ਨ ਦੇ ਚੈੱਕ ਤਕਸੀਮ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ। ਨਾਲ ਹਨ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਤੇ ਹੋਰ।
ਵਰਚੂਅਲ ਸਮਾਗਮ ਵਿਚ ਸ਼ਿਰਕਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ। ਨਾਲ ਹਨ ਐਸ. ਪੀ ਮਨਵਿੰਦਰ ਬੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਤੇ ਹੋਰ।

Spread the love