ਕੋਰੋਨਾ ਕਾਲ ਦੌਰਾਨ ਸਿਹਤ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਡਿਪਟੀ ਕਮਿਸ਼ਨਰ
ਡਾਕਟਰਾਂ ਤੇ ਹੋਰ ਸਿਹਤ ਅਮਲੇ ਦੇ ਯਤਨਾ ਸਦਕਾ ਹੀ ਕੋਰੋਨਾ ਕਾਬੂ ਹੇਠ ਡਾ. ਨਿੱਝਰ
ਬਟਾਲਾ, 9 ਜੂਨ 2021 ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਮੂਹ ਸਟਾਫ਼ ਨੇ ਕੋਰੋਨਾ ਮਹਾਂਮਾਰੀ ਦੌਰਾਨ ਜਿਸ ਬਹਾਦਰੀ ਨਾਲ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੰਮ ਕੀਤਾ ਹੈ ਇਹ ਇਤਿਹਾਸ ਵਿੱਚ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਇਹ ਸਿਹਤ ਵਿਭਾਗ ਦੇ ਬਹਾਦਰ ਯੋਧਿਆਂ ਦੀ ਬਦੌਲਤ ਹੀ ਸੰਭਵ ਹੋ ਸਕਿਆ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਕਾਬੂ ਵਿੱਚ ਰੱਖਿਆ ਜਾ ਸਕਿਆ ਹੈ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਬੀਤੀ ਸ਼ਾਮ ਮਾਤਾ ਸੁੱਲਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਾਂਝੇ ਤੌਰ ’ਤੇ ਡਾਕਟਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ਼ ਨੂੰ ਸਨਮਾਨਿਤ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਮੂਹ ਪੈਰਾ ਮੈਡੀਕਲ ਅਮਲੇ ਵੱਲੋਂ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਕੋਰੋਨਾ ਵਿਰੁੱਧ ਜੰਗ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਰੀਜ਼ਾਂ ਦਾ ਹਸਪਤਾਲ ਵਿੱਚ ਇਲਾਜ ਕਰਨਾ, ਘਰਾਂ ਵਿੱਚ ਇਕਾਂਤਵਾਸ ਦੌਰਾਨ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਅਤੇ ਕੋਰੋਨਾ ਦੇ ਟੈਸਟ ਵਰਗੀਆਂ ਸਾਰੀਆਂ ਡਿਊਟੀਆਂ ਨੂੰ ਸਿਹਤ ਅਮਲੇ ਵੱਲੋਂ ਬਾਖੂਬੀ ਨੇਪਰੇ ਚਾੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਬਹਾਦਰ ਯੋਧਿਆਂ ਵੱਲੋਂ ਜਿਥੇ ਕੋਰੋਨਾ ਦਾ ਇਲਾਜ ਕੀਤਾ ਜਾ ਰਿਹਾ ਹੈ ਓਥੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲੀ ਕਤਾਰ ਦੇ ਯੋਧਿਆਂ ਨੂੰ ਜਿਨੀ ਸ਼ਾਬਾਸ਼ੀ ਦਿੱਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਆਸ ਹੈ ਕਿ ਸਿਹਤ ਵਿਭਾਗ ਦੇ ਇਨ੍ਹਾਂ ਯੋਧਿਆਂ ਵੱਲੋਂ ਆਪਣੀਆਂ ਕੋਸ਼ਿਸ਼ਾਂ ਸਦਕਾ ਜਲਦੀ ਹੀ ਇਸ ਮਹਾਂਮਾਰੀ ਉੱਪਰ ਕਾਬੂ ਪਾ ਲਿਆ ਜਾਵੇਗਾ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਵਾਧਾਨੀਆਂ ਦੀ ਪਾਲਣਾ ਕਰਨ।
ਇਸ ਮੌਕੇ ਡਾ. ਸਤਨਾਮ ਸਿੰਘ ਨਿੱਝਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਡਾਕਟਰਾਂ ਤੇ ਸਿਹਤ ਕਰਮੀਆਂ ਦੇ ਰੋਲ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਅੱਜ ਕੋਰੋਨਾ ਮਹਾਂਮਾਰੀ ਕਾਬੂ ਹੇਠ ਹੈ ਤਾਂ ਇਸ ਵਿੱਚ ਸਭ ਤੋਂ ਵੱਡਾ ਰੋਲ ਇਨ੍ਹਾਂ ਸਿਹਤ ਮਾਹਿਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦਾ ਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਸਮੂਹ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਉਨ੍ਹਾਂ ਦੀ ਬੇਮਿਸਾਲੀ ਸੇਵਾਵਾਂ ਲਈ ਸਨਮਾਨਿਤ ਕਰਕੇ ਮਾਣ ਮਹਿਸੂਸ ਕਰ ਰਿਹਾ ਹੈ।
ਇਸ ਮੌਕੇ ਸਿਹਤ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਡਾ. ਸੰਜੀਵ ਕੁਮਾਰ ਭੱਲਾ ਨੂੰ ਵੀ ਕੋਰੋਨਾ ਮਹਾਂਮਾਰੀ ਦੌਰਾਨ ਨਿਭਾਈ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਕਾਰਜਕਾਰੀ ਐੱਸ.ਐੱਮ.ਓ. ਡਾ. ਹਰਪਾਲ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਰਵਿੰਦਰ ਸਿੰਘ, ਡਾ. ਮਨਦੀਪ ਕੌਰ, ਠੇਕੇਦਾਰ ਭੁਪਿੰਦਰ ਸਿੰਘ, ਕੌਂਸਲਰ ਸੰਜੀਵ ਸ਼ਰਮਾ ਤੇ ਹਰਨੇਕ ਸਿੰਘ ਨੇਕੀ ਵੀ ਮੌਜੂਦ ਸਨ।