ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1060 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 09 ਮਈ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਪਹੁੰਚੀ ਕੁੱਲ 6,95,245 ਮੀਟਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 2,01,937 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,44,042 ਮੀਟ੍ਰਿਕ ਟਨ, ਪਨਸਪ ਵੱਲੋਂ 1,31,184 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,03,647 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,15,435 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1060 ਕਰੋੜ 03 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ 3,54,702 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ।