ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ ਅਤੇ ਰਿਵਾਇਤੀ ਫਸਲਾਂ ਨੂੰ ਛੱਡ ਕੇ ਫਸਲੀ ਵਿਭਿੰਨਤਾ ਲਿਆਉਣ ਲਈ ਕਿਸਾਨ ਦੇਣ ਸਾਥ – ਮੁੱਖ ਖੇਤੀਬਾੜੀ ਅਫ਼ਸਰ
ਵਿਭਾਗੀ ਪ੍ਰਦਰਸ਼ਨੀਆਂ ਅਤੇ ਆਧੁਨਿਕ ਖੇਤੀ ਸੰਦ ਬਣੇ ਖਿੱਚ ਦਾ ਕੇਂਦਰ
ਫਿਰੋਜ਼ਪੁਰ, 4 ਅਪ੍ਰੈਲ 2022
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਿਰੋਜ਼ਪੁਰ ਵੱਲੋਂ ਨਵੀ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਸਾਉਣੀ 2022 ਦੀਆਂ ਵੱਖ-ਵੱਖ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਮਹਾਜਨ ਵੱਲੋਂ ਕੀਤਾ ਗਿਆ। ਜਦਕਿ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।
ਹੋਰ ਪੜ੍ਹੋ :-ਸਬ ਰਜਿਸਟਰਾਰ ਲੁਧਿਆਣਾ (ਪੱਛਮੀ/ਕੇਂਦਰੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਨੂੰ
ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਅਤੇ ਹੋਰ ਵਿਭਾਗਾਂ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾ ਕੇ ਅਤੇ ਵੱਧ ਲਾਹਾ ਲੈਣ ਸਬੰਧੀ ਜਾਗਰੂਕ ਵੀ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦੇ ਅਪਨਾਉਣ ਤੇ ਖੇਤੀਬਾੜੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਦੀ ਸ਼ਾਲਾਘਾ ਕੀਤੀ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀਬਾੜੀ ਦੇ ਧੰਦੇ ਨੂੰ ਹੋਰ ਲਾਹੇਵੰਦ ਅਤੇ ਖੁਸ਼ਹਾਲ ਬਨਾਉਣ ਕਿਸਾਨਾਂ, ਖੇਤ ਮਜ਼ਦੂਰਾਂ/ਕਾਮਿਆਂ ਤੇ ਆੜ੍ਹਤੀਆਂ ਲਈ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਲਈ ਤਿਆਰ ਹੈ।
ਇਸ ਮੌਕੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਕਿਸਾਨਾਂ ਨੂੰ ਮੁਖਾਤਿਬ ਹੁੰਦਿਆ ਅਪੀਲ ਕੀਤੀ ਕਿ ਕਿਸਾਨ ਮਿੱਟੀ ਪਾਣੀ ਅਤੇ ਹਵਾ ਜੀਵਨ ਦੇ ਤਿੰਨ ਜ਼ਰੂਰੀ ਸਾਧਨਾਂ ਦੀ ਰਾਖੀ ਕਰਦੇ ਹੋਏ ਖੇਤੀ ਧੰਦੇ ਨੂੰ ਹੋਰ ਲਾਹੇਵੰਦ ਬਨਾਉਣ ਲਈ ਫਸਲਾਂ ਦੀ ਕਾਸ਼ਤ ਖੇਤੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਕਰਨ। ਇਸ ਦੇ ਨਾਲ ਹੀ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨ ਸਿਖਲਾਈ ਕੈਂਪ ਪਿੰਡ ਅਤੇ ਬਲਾਕ ਪੱਧਰ ‘ਤੇ ਲਗਾ ਕੇ ਕਿਸਾਨਾਂ ਬਾਰੇ ਸਰਕਾਰ ਦੀਆਂ ਨੀਤੀਆਂ, ਸਕੀਮਾਂ ਅਤੇ ਸਹਾਇਕ ਧੰਦੇ ਅਪਨਾਉਣ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਤਾਂ ਕੇ ਵਧੀਆ ਕਿਸਮ ਦੀ ਖੇਤੀ ਦੇ ਨਾਲ-ਨਾਲ ਉਨ੍ਹਾਂ ਦੀ ਆਮਦਨੀ ਵਿੱਚ ਵੀ ਵਾਧਾ ਹੋ ਸਕੇ। ਉਨ੍ਹਾਂ ਕੈਂਪ ਵਿੱਚ ਹਾਜ਼ਰ ਕਿਸਾਨਾਂ ਦਾ ਮਨੋਬਲ ਵਧਾਉਂਦੇ ਹੋਏ ਕਿਹਾ ਗਿਆ ਕਿ ਕਿਸਾਨ ਮੁਢ ਕਦੀਮ ਤੋਂ ਹੱਡ ਟੁੱਟਵੀਂ ਮਿਹਨਤ ਕਰਕੇ ਦੇਸ਼ ਲਈ ਅਨਾਜ ਦੇ ਭੰਡਾਰ ਭਰਦੇ ਆਏ ਹਨ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਡਾ: ਪਿਰਥੀ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਸਾਲ 2021-22 ਦੌਰਾਨ ਜ਼ਿਲ੍ਹੇ ਵਿੱਚ ਫਸਲੀ ਵਿਭਿੰਨਤਾ ਲਿਆ ਕੇ ਕੁਦਰਤ ਵੱਲੋਂ ਹਵਾ ਪਾਣੀ ਦੇ ਰੂਪ ਵਿੱਚ ਇਨਸਾਨ ਨੂੰ ਦਿਤੇ ਗਏ ਅਨਮੋਲ ਰਤਨਾਂ ਦੀ ਰਾਖੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ, ਫਿਰੋਜ਼ਪੁਰ ਵੱਲੋਂ ਸਾਲ 2021-22 ਦੌਰਾਨ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ/ਪਿੰਡਾਂ ਵਿੱਚ ਕੁੱਲ 299 ਪਿੰਡ ਪੱਧਰੀ, 6 ਬਲਾਕ ਪੱਧਰੀ ਅਤੇ 2 ਜ਼ਿਲ੍ਹਾ ਪੱਧਰੀ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸਭਾਲ ਲਈ 1840 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਤੇ ਮੁਹਈਆ ਕਰਵਾਈ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵਿਭਾਗ ਵਿੱਚ ਚੱਲ ਰਹੀਆ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿੱਚ ਸਾਉਣੀ-2022 ਲਈ ਲੋੜੀਂਦੇ ਖੇਤੀ ਇਨਪੁਟਸ ਦਾ ਪ੍ਰੰਬਧ ਕੀਤਾ ਜਾ ਰਿਹਾ ਹੈ । ਮੁੱਖ ਖੇਤੀਬਾੜੀ ਅਫਸਰ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਲੈਵਲ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ ਅਤੇ ਰਿਵਾਇਤੀ ਫਸਲਾਂ ਨੂੰ ਛੱਡ ਕੇ ਫਸਲੀ ਵਿਭਿੰਨਤਾ ਲਿਆਉਣ ਲਈ ਵਿਭਾਗ ਦਾ ਸਾਥ ਲਈ ਲਈ ਕਿਸਾਨਾਂ ਨੂੰ ਅਪੀਲ ਕੀਤੀ।
ਇਸ ਉਪਰੰਤ ਖੇਤੀਬਾੜੀ ਅਫਸਰ(ਸਦਰ ਮੁਕਾਮ) ਫਿਰੋਜ਼ਪੁਰ ਡਾ: ਜੰਗੀਰ ਸਿੰਘ ਨੇ ਆਏ ਹੋਏ ਮਹਿਮਾਨਾਂ, ਵਿਭਾਗ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਖੇਤੀ ਮਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਖੇਤੀਬਾੜੀ ਵਿਭਾਗ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤ ਵਿੱਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਨਾਲ ਰਾਬਤਾ ਕਾਇਮ ਰੱਖਣ।
ਇਸ ਮੌਕੇ ਕੈਂਪ ਵਿੱਚ ਲਗਾਈਆਂ ਗਈਆਂ ਵਿਭਾਗੀ ਪ੍ਰਦਰਸ਼ਨੀਆਂ ਜਿਸ ਵਿਚ ਰੋਟਾਵੇਟਰ, ਮਲਚਰ, ਰਾਊਂਡ ਬੈਲਰ, ਰੈਕਰ, ਸੀਡ ਡਰਿੱਲ ਫਰਬੋ ਆਦਿ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸ ਮੌਕੇ ਜੰਗਲਾਤ ਵਿਭਾਗ ਵਲੋਂ ਵਾਤਾਵਰਣ ਨੂੰ ਸ਼ੁੱਧ ਬਣਾਉਣ ਦੇ ਟੀਚੇ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੁਫਤ ਬੂਟੇ ਵੀ ਵੰਡੇ ਗਏ।