ਦੱਖਣੀ ਪੱਛਮੀ ਪੰਜਾਬ ਦੇ ਜਿ਼ਲ੍ਹਿਆਂ ਵਿਚ ਪੀਣ ਦੇ ਪਾਣੀ ਦੀ ਸਪਲਾਈ ਲਈ ਸਰਕਾਰ ਖਰਚ ਕਰੇਗੀ 1100 ਕਰੋੜ
ਜਲਾਲਾਬਾਦ, 13 ਮਈ 2022
ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸ਼ੋ੍ਰਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸੰਕਰ ਸ਼ਰਮਾ ਜਿੰਪਾ ਨੇ ਆਖਿਆ ਹੈ ਕਿ ਨਹਿਰਾਂ ਦੀਆਂ ਟੇਲਾਂ ਤੱਕ ਕਿਸਾਨਾਂ ਨੂੰ ਪੂਰਾ ਪਾਣੀ ਪੁੱਜਦਾ ਕੀਤਾ ਜਾਵੇਗਾ।
ਹੋਰ ਪੜ੍ਹੋ :-ਸਿਹਤ ਵਿਭਾਗ ਵੱਲੋਂ ਵੱਖ-ਵੱਖ 339 ਸਕੂਲਾਂ ‘ਚ ਮੈਗਾ ਟੀਕਾਕਰਨ ਕੈਂਪ ਲਗਾਏ ਗਏ
ਉਹ ਅੱਜ ਫਾ਼ਜਿ਼ਲਕਾ ਜਿ਼ਲ੍ਹੇ ਦੇ ਦੌਰੇ ਦੌਰਾਨ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ, ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ, ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਵੀ ਹਾਜਰ ਸਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਨਹਿਰਾਂ ਦੀ ਸਫਾਈ ਦਾ ਕੰਮ ਵੀ ਜਲਦ ਕਰਵਾ ਕੇ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਪਾਣੀ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੋਘੇ ਵੱਡੇ ਕਰਕੇ ਜਾਂ ਪਾਣੀ ਚੋਰੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਬਰਾਬਰ ਵੰਡ ਕੀਤੀ ਜਾਣੀ ਯਕੀਨੀ ਬਣਾਈ ਜਾਵੇ।ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਹਿੰਦ ਫੀਡਰ ਨਹਿਰ ਦੀ ਮੁਰੰਮਤ ਦੇ ਕੰਮ ਦਾ ਨੀਰਿਖਣ ਕਰਕੇ ਆਏ ਹਨ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨਹਿਰ ਵਿਚ ਪਏ ਪਾੜ ਨੂੰ ਬੰਦ ਕਰਕੇ ਜਲਦ ਤੋਂ ਜਲਦ ਕਿਸਾਨਾਂ ਨੂੰ ਨਰਮੇ ਅਤੇ ਬਾਗਾਂ ਲਈ ਪਾਣੀ ਦਿੱਤਾ ਜਾਵੇ।
ਇਕ ਹੋਰ ਸਵਾਲ ਦੇ ਜਵਾਬ ਵਿਚ ਸ੍ਰੀ ਬ੍ਰਮ ਸੰਕਰ ਸ਼ਰਮਾ ਜਿੰਪਾ ਨੇ ਦੱਸਿਆ ਕਿ ਪੰਜਾਬ ਦੇ ਦੱਖਣੀ ਪੱਛਮੀ ਜਿ਼ਲ੍ਹਿਆਂ ਵਿਚ ਨਹਿਰੀ ਪਾਣੀ ਤੇ ਅਧਾਰਤ ਵਾਟਰ ਵਰਕਸ ਪ੍ਰੋਜ਼ੈਕਟਾਂ ਤੇ 1100 ਕਰੋੜ ਰੁਪਏ ਖਰਚ ਕਰਨ ਦੀ ਸਰਕਾਰ ਦੀ ਯੋਜਨਾ ਹੈ। ਉਨ੍ਹਾਂ ਨੇ ਕਿਹਾ ਕਿ ਸਾਫ ਪੀਣ ਵਾਲਾ ਪਾਣੀ ਲੋਕਾਂ ਨੂੰ ਉਪਲਬੱਧ ਕਰਵਾਉਣਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਖਰਾਬ ਪਏ ਆਰਓ ਸਿਸਟਮ ਵੀ ਜਲਦ ਠੀਕ ਕਰਵਾਉਣ ਦਾ ਭਰੋਸਾ ਦਿੱਤਾਕੈਬਨਿਟ ਮੰਤਰੀ ਨੇ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਫਾਜਿ਼ਲਕਾ ਜਿ਼ਲ੍ਹੇ ਦੀਆਂ ਛੇਮਾਸੀ ਨਹਿਰਾਂ ਨੂੰ ਬਾਰਾਮਾਸੀ ਕਰਨ ਦੀਆਂ ਸੰਭਾਨਾਵਾਂ ਦਾ ਪਤਾ ਲਗਾਇਆ ਜਾਵੇਗਾ ਤਾਂ ਜ਼ੋ ਇੰਨ੍ਹਾਂ ਕਿਸਾਨਾਂ ਨੂੰ ਸਾਰਾ ਸਾਲ ਨਹਿਰੀ ਪਾਣੀ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਚਾਇਤੀ ਜਮੀਨਾਂ ਤੋਂ ਕਬਜੇ ਛੁੜਾਉਣ ਵਾਂਗ ਹੀ ਸਰਕਾਰੀ ਖਾਲਿਆਂ ਨੂੰ ਢਾਹ ਕੇ ਆਪਣੀਆਂ ਜਮੀਨਾਂ ਵਿਚ ਸ਼ਾਮਿਲ ਕਰਨ ਵਾਲਿਆਂ ਤੋਂ ਵੀ ਖਾਲਾਂ ਦੀ ਸਰਕਾਰੀ ਜਮੀਨ ਤੋਂ ਕਬਜਾ ਛੁਡਾਇਆ ਜਾਵੇਗਾ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਮਸਲੇ ਪਹਿਲੇ ਦੇ ਅਧਾਰ ਤੇ ਹੱਲ ਹੋਣਗੇ।
ਇਸ ਮੌਕੇ ਐਸਪੀ ਸ੍ਰੀ ਅਜੈ ਰਾਜ ਸਿੰਘ, ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਜਿ਼ਲ੍ਹਾ ਪ੍ਰਧਾਨ ਸ੍ਰੀ ਅਰੁਣ ਵਧਵਾ, ਦੀਪ ਕੰਬੋਜ਼ ਸਮੇਤ ਹੋਰ ਪਤਵੰਤੇ ਵੀ ਹਾਜਰ ਸਨ। ਇੱਥੇ ਪਹੁੰਚਣ ਤੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ ਗਈ।