ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ

Sorry, this news is not available in your requested language. Please see here.

ਰੇਲ ਲਾਈਨਾਂ ਨੇੜੇ ਖੇਤਾਂ ’ਚ ਅੱਗ ਲਾਉਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ

ਜਲੰਧਰ, 19 ਮਈ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਪੂਰਨ ਤੌਰ ’ਤੇ ਗੁਰੇਜ਼ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ।

ਘਨਸ਼ਿਆਮ ਥੋਰੀ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕਿਸਾਨਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਹੁੰਦਿਆਂ ਇਸ ਮਾੜੇ ਰੁਝਾਨ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ, ਜੋ ਕਿ ਖੇਤਾਂ ਦੀ ਉਪਜਾਊ ਸ਼ਕਤੀ, ਮਿੱਤਰ-ਕੀੜਿਆਂ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਅਤਿ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਨਾਲ ਵੱਖ-ਵੱਖ ਤਰ੍ਹਾਂ ਦੇ ਹਾਦਸਿਆਂ ਦਾ ਡਰ ਵੀ ਬਣਿਆ ਰਹਿੰਦਾ ਹੈ, ਜਿਸ ਕਰਕੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ।

ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਘਨਸ਼ਿਆਮ ਥੋਰੀ ਨੇ ਕਿਹਾ ਕਿ ਰੇਲਵੇ ਲਾਈਨਾਂ ਦੇ ਆਲੇ-ਦੁਆਲੇ ਵਾਲੀਆਂ ਜ਼ਮੀਨਾਂ ਦੇ ਕਿਸਾਨ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਕਿ ਉਨ੍ਹਾਂ ਦੀਆਂ ਜ਼ਮੀਨਾਂ ਵਿੱਚ ਅੱਗ ਨਹੀਂ ਲਗਾਈ ਜਾਵੇਗੀ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਦਸੇ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ ਤਾਂ ਜੋ ਸੁਰੱਖਿਅਤ ਰੇਲ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ’ਤੇ ਪਾਬੰਦੀ ਲਗਾਈ ਹੋਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਵਾਤਾਵਰਣ ਮੁਆਵਜ਼ਾ ਲਗਾਉਣ ਤੋਂ ਇਲਾਵਾ ਖਸਰਾ-ਗਿਰਦਾਵਰੀ ਵਿੱਚ ਲਾਲ ਇੰਦਰਾਜ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਤੋਂ ਇਲਾਵਾ ਇਸ ਮਾੜੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਵੀ ਕੀਤੇ ਜਾ ਰਹੇ ਹਨ।

 

ਹੋਰ ਪੜ੍ਹੋ :-  ਬਰਸਾਤੀ ਪਾਣੀ ਨੂੰ ਰੀਚਾਰਜ ਕਰਨ ਲਈ ਡਵੀਜ਼ਨਲ ਕਮਿਸ਼ਨਰ ਨੇ ਸ਼ੁਰੂ ਕੀਤੀ ਨਵੀਂ ਮੁਹਿੰਮ

Spread the love