ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ‘ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਲੱਗਣਗੇ ਵਿਸ਼ੇਸ਼ ਕੈਂਪ – ਐਸ.ਡੀ.ਐਮ. ਦੀਪਕ ਭਾਟੀਆ

Mr. Deepak Bhatia
ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਲੱਗਣਗੇ ਵਿਸ਼ੇਸ਼ ਕੈਂਪ - ਐਸ.ਡੀ.ਐਮ. ਦੀਪਕ ਭਾਟੀਆ

Sorry, this news is not available in your requested language. Please see here.

– ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
– ਕਿਹਾ! ਕੈਂਪ ਦੌਰਾਨ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਬੇੜਾ

ਲੁਧਿਆਣਾ, 2 ਫਰਵਰੀ 2024

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਆਗਾਮੀ 5 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਸ੍ਰੀ ਦੀਪਕ ਭਾਟੀਆ ਵਲੋਂ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੈਂਪਾਂ ਦੀ ਤਿਆਰੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇਹ ਕੈਂਪ ਲੁਧਿਆਣਾ ਸ਼ਹਿਰ ਅਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ‘ਤੇ ਨਿਬੇੜਾ ਕਰਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।

ਮੀਟਿੰਗ ਦੌਰਾਨ ਮਾਲ ਵਿਭਾਗ, ਕਿਰਤ ਵਿਭਾਗ, ਪੀ.ਐਸ.ਪੀ.ਸੀ.ਐਲ., ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੇ ਸੀਨੀਆਰ ਅਧਿਕਾਰੀ ਮੌਜੂਦ ਸਨ ਅਤੇ ਉਹਨਾਂ ਆਪਣੇ ਵਿਭਾਗਾਂ ਦੀਆਂ ਸਕੀਮਾਂ ਬਾਰੇ ਚਾਨਣਾ ਪਾਇਆ।

Spread the love