ਕੈਂਪ ‘ਚ ਐਮਾਜੌਨ, ਐਸ.ਬੀ.ਆਈ., ਜਿੰਦਲ ਸਟੀਲਜ਼ ਨੇ ਨੌਜਵਾਨਾਂ ਦੀ ਕੀਤੀ ਚੋਣ
ਪਟਿਆਲਾ, 30 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਪਿਛਲੇ ਇਕ ਹਫ਼ਤੇ ਦੌਰਾਨ ਲਗਾਏ ਕੈਂਪਾਂ ‘ਚ 102 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਿੱਚ ਚੋਣ ਹੋਈ ਹੈ।
ਪਲੇਸਮੈਂਟ ਕੈਂਪ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਦੇ ਹੋਏ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਹਫ਼ਤੇ ਦੌਰਾਨ ਐਮਾਜੌਨ, ਐਸ.ਬੀ.ਆਈ. ਕਰੈਡਿਟ ਕਾਰਡ, ਜਿੰਦਲ ਸਟੀਲਜ਼ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 102 ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਹੋਈ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਬਿਊਰੋ ਵੱਲੋਂ ਲਗਾਤਾਰ ਪਲੇਸਮੈਂਟ ਕੈਂਪ ਲਗਾਕੇ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਉਣ ਅਤੇ ਇਥੇ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਉਠਾਕੇ ਰੋਜ਼ਗਾਰ ਪ੍ਰਾਪਤ ਕਰਨ।