ਰਾਹੋਂ/ਨਵਾਂਸ਼ਹਿਰ, 30 ਅਪ੍ਰੈਲ :
ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ ਮੌਜੂਦਗੀ ’ਚ ਰਸਮੀ ਤੌਰ ’ਤੇ ਨਗਰ ਕੌਂਸਲ ਪ੍ਰਧਾਨ ਵਜੋਂ ਕਾਰਜ ਭਾਰ ਸੰਭਾਲ ਲਿਆ। ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਪ੍ਰਧਾਨ ਵਜੋਂ ਚਾਰਜ ਸੰਭਾਲਦਿਆਂ ਅਮਰਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਨਾਲ ਉਨਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ, ਉਸ ’ਤੇ ਉਹ ਪੂਰੀ ਤਰਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨਾਂ ਕਿਹਾ ਕਿ ਇਤਿਹਾਸਕ ਸ਼ਹਿਰ ਰਾਹੋਂ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਪ੍ਰਧਾਨ ਅਮਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਉਨਾਂ ਨੂੰ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਰਾਹੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਜੀਅ-ਜਾਨ ਨਾਲ ਕੰਮ ਕੰਮ ਕਰਨ ਦੀ ਤਾਕੀਦ ਕੀਤੀ। ਉਨਾਂ ਉਮੀਦ ਪ੍ਰਗਟਾਈ ਕਿ ਅਮਰਜੀਤ ਸਿੰਘ ਆਪਣੇ ਸਮੂਹ ਸਾਥੀਆਂ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਗੇ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕਰਨਗੇ। ਇਸ ਮੌਕੇ ਸਮੂਹ ਕੌਂਸਲਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।