ਲਾਕਡਾਊਨ ਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 3 ਮੁਕੱਦਮੇ ਦਰਜ

Sorry, this news is not available in your requested language. Please see here.

*ਪੁਲਿਸ ਨੇ 921 ਦੇ ਕਰਵਾਏ ਕੋਵਿਡ ਟੈਸਟ, 80 ਦੇ ਕੀਤੇ ਚਲਾਨ
ਨਵਾਂਸ਼ਹਿਰ, 6 ਮਈ :
ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲੇ ਵਿਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 921 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 80 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤੀ ਵਰਤਦੇ ਹੋਏ ਸਲੋਹ ਰੋਡ, ਨਵਾਂਸ਼ਹਿਰ ਵਿਖੇ ਮਸਲ ਫੈਕਟਰੀ ਜਿੰਮ ਨੂੰ ਖੋਲਣ ਵਾਲੇ ਜਿੰਮ ਦੇ ਮਾਲਕ ਰਾਮ ਪਾਲ ਉਰਫ਼ ਸੂਰਜ ਭਾਰਦਵਾਜ ਪੁੱਤਰ ਦਵਿੰਦਰ ਕੁਮਾਰ ਵਾਸੀ ਮਿੱਠਾ ਖੂਹ, ਫਿਲੌਰ, ਜ਼ਿਲਾ ਜਲੰਧਰ ਦੇ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰਾਂ ਬਿਨਾਂ ਕਾਰਨ ਪਿੰਡ ਸੂਰਾਪੁਰ ਟੀ-ਪੁਆਇੰਟ ’ਤੇ ਟਰੈਕਟਰ-ਟਰਾਲੀ ਲੈ ਕੇ ਖੜੇ ਕੁਲਦੀਪ ਕੁਮਾਰ ਪੁੱਤਰ ਮੋਹਣ ਲਾਲ ਵਾਸੀ ਰੱਤੇਵਾਲ ਬਰੇਤਾ, ਥਾਣਾ ਕਾਠਗੜ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਿਨਾਂ ਮਾਸਕ ਪਹਿਨੇ ਘੁੰਮ ਰਹੇ ਹਰਜੀਤ ਸਿੰਘ ਪੁੱਤਰ ਸਵਰਗੀ ਮਲਕੀਤ ਸਿੰਘ ਵਾਸੀ ਮਹਿੰਦੀਪੁਰ, ਬਲਾਚੌਰ ਦੇ ਲਿਾਫ਼ ਸਿਟੀ ਬਲਾਚੌਰ ਵਿਖੇ ਪਰਚਾ ਦਰਜ ਕੀਤਾ ਗਿਆ।
  ਜ਼ਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਇਸੇ ਤਰਾਂ ਅੱਜ ਪੁਲਿਸ ਵੱਲੋਂ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 921 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 80 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ।  ਉਨਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Spread the love