ਜ਼ਿਲੇ ਨੂੰ ਕੋਰੋਨਾ ਮੁਕਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ ਨੌਜਵਾਨ ਵਲੰਟੀਅਰ-ਦੀਪਜੋਤ ਕੌਰ

Sorry, this news is not available in your requested language. Please see here.

ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਬੈਜ ਤੇ ਸਟਿੱਕਰ ਵੰਡਣ ਦੀ ਕੀਤੀ ਸ਼ੁਰੂਆਤ
ਨਵਾਂਸ਼ਹਿਰ, 27 ਮਈ 2021
‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ‘ਮਿਸ਼ਨ ਫ਼ਤਹਿ 2’ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਕ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਵਰਚੂਅਲ ਢੰਗ ਰਾਹੀਂ ਸੂਬੇ ਦੇ ਨੌਜਵਾਨਾਂ ਨਾਲ ਰੁ-ਬਰੂ ਹੁੰਦਿਆਂ ਉਨਾਂ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਪ੍ਰਤੀ ਪਿੰਡ ਜਾਂ ਪ੍ਰਤੀ ਮਿਊਂਸਪਲ ਵਾਰਡ ਸੱਤ ਰੂਰਲ ਕੋਰੋਨਾ ਵਲੰਟੀਅਰ (ਆਰ. ਸੀ. ਵੀ) ਸਮੂਹ ਕਾਇਮ ਕਰਨ ਦੇ ਨਿਰਦੇਸ਼ ਦਿੱਤੇ।
ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਰਨਾਂ ਅਧਿਕਾਰੀਆਂ ਨਾਲ ਇਸ ਵਰਚੂਅਲ ਪ੍ਰੋਗਰਾਮ ਵਿਚ ਆਨਲਾਈਨ ਸ਼ਿਰਕਤ ਕਰਦਿਆਂ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕੋਵਿਡ-19 ਨੂੰ ਬਿਹਤਰੀਨ ਢੰਗ ਨਾਲ ਕੰਟਰੋਲ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜ਼ਿਲੇ ਨੇ ਸੈਂਪਲਿੰਗ ਅਤੇ ਕਾਨਟੈਕਟ ਟ੍ਰੇਸਿੰਗ ਰਾਹੀਂ ਕਾਫੀ ਹੱਦ ਤੱਕ ਇਸ ਮਹਾਮਾਰੀ ’ਤੇ ਕਾਬੂ ਪਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਉਨਾਂ ਕਿਹਾ ਕਿ ਜ਼ਿਲੇ ਨੂੰ ਕੋਰੋਨਾ ਮੁਕਤ ਕਰਨ ਲਈ ਹੁਣ ਨੌਜਵਾਨ ਵਲੰਟੀਅਰ ਅਹਿਮ ਭੂਮਿਕਾ ਨਿਭਾਉਣਗੇ ਅਤੇ ਉਨਾਂ ਵੱਲੋਂ ਪੰਚਾਇਤਾਂ ਜਾਂ ਮਿਊਂਸਪੈਲਟੀਆਂ ਨੂੰ ਭਰਪੂਰ ਮਦਦ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਨੌਜਵਾਨ ਵਲੰਟੀਅਰ ਟੈਸਟ, ਟਰੇਸ ਤੇ ਟਰੀਟ (ਜਾਂਚ, ਭਾਲ ਤੇ ਇਲਾਜ) ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਗ਼ਰੀਬ ਅਤੇ ਬਜ਼ੁਰਗ ਵਿਅਕਤੀਆਂ ਦੀ ਸੰਭਾਲ ਕਰਦੇ ਹੋਏ ਉਨਾਂ ਦੀ ਕੋਵਿਡ ਕੰਟਰੋਲ ਰੂਮ ਅਤੇ ਹੈਲਪ ਲਾਈਨਾ ਤੱਕ ਪਹੁੰਚ ਆਸਾਨ ਬਣਾਉਣ, ਸਾਰੇ ਪਿੰਡਾਂ ਵਿਚ ਠੀਕਰੀ ਪਹਿਰੇ ਲਾਉਣ, ਕੋਵਿਡ ਤੋਂ ਬਚਾਅ ਲਈ ਸਾਰੇ ਨਿਯਮਾਂ ਦਾ ਪਾਲਣ ਕਰਨ, ਚੰਗੀਆਂ ਇਲਾਜ ਸੁਵਿਧਾਵਾਂ ਹਾਸਲ ਕਰਨ ਵਿਚ ਪੇਂਡੂ ਲੋਕਾਂ ਦੀ ਮਦਦ ਕਰਨ, ਕੋਵਿਡ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਝੂਠੇ ਪ੍ਰਚਾਰ ਨੂੰ ਰੋਕਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਉਨਾਂ ਯੁਵਾ ਮਾਮਲੇ ਵਿਭਾਗ ਵੱਲੋਂ ਜਾਰੀ ਕੀਤੇ ਗਏ ‘ਮੈਂ ਟੀਕਾ ਲਗਵਾ ਚੁੱਕਿਆ ਹਾਂ’ ਵਾਲੇ ਬੈਜ ਅਤੇ ਸਟਿੱਕਰ ਵੰਡਣ ਦੀ ਸ਼ੁਰੂਆਤ ਵੀ ਕੀਤੀ। ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਯੁਵਕ ਸੇਵਾਵਾਂ ਵਿਭਾਗ ਤੋਂ ਸੰਜੀਵ ਦੁੱਗਲ ਤੇ ਹੋਰ ਅਧਿਕਾਰੀ ਹਾਜ਼ਰ ਸਨ।
‘ਮੈਂ ਟੀਕਾ ਲਗਵਾ ਚੁੱਕਿਆ ਹਾਂ’ ਵਾਲੇ ਬੈਜ ਅਤੇ ਸਟਿੱਕਰ ਜਾਰੀ ਕਰਦੇ ਹੋਏ ਸਹਾਇਕ ਕਮਿਸ਼ਨਰ ਦੀਪਜੋਤ ਕੌਰ। ਨਾਲ ਹਨ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸੰਜੀਵ ਦੁੱਗਲ ਤੇ ਹੋਰ।

Spread the love