ਕਰੋਨਾ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਜਾ ਰਹੇ ਹਨ ਟੈਸਟਿੰਗ ਅਤੇ ਵੈਕਸੀਨੇਸ਼ਨ ਕੈਂਪ
ਤਰਨ ਤਾਰਨ, 29 ਮਈ 2021
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਲੋੜਵੰਦ ਲੋਕਾਂ ਨੰੁ ਪ੍ਰਸ਼ਾਸਨ ਵੱਲੋਂ ਮੁਫ਼ਤ ਰਾਸ਼ਨ ਕਿੱਟਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕਰੋਨਾ ਨਾਲ ਦੌਰਾਨ ਪੀੜਤ ਲੋੜਵੰਦਾਂ ਦੀ ਭਲਾਈ ਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਤੇ ਕਾਰਜਸ਼ੀਲ ਹੈ।
ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਨਾਲ ਜੂਝ ਰਹੇ ਲੋੜਵੰਦ ਵਿਅਕਤੀਆਂ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋੜਵੰਦ ਲੋਕਾਂ ਨੂੰ ਇਸ ਮੁਸ਼ਕਲ ਸਮੇਂ `ਚ ਕੋਈ ਦਿੱਕਤ ਨਾ ਆਵੇ।
ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਪਿੰਡ ਵਾਸੀਆਂ ਵੱਲੋਂ ਕਰੋਨਾ ਨੂੰ ਹਰਾਉਣ ਲਈ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਪਿੰਡਾਂ ਵਿਚ ਲੋਕਾਂ ਨੂੰ ਕਰੋਨਾ ਵਾਇਰਸ ਦੇ ਲੱਛਣ ਨਜ਼ਰ ਆਉਣ `ਤੇ ਟੈਸਟ ਕਰਵਾਉਣ ਅਤੇ ਵੈਕਸੀਨੇਸ਼ਨ ਕਰਵਾਉਣ ਪ੍ਰਤੀ ਨੌਜਵਾਨਾ ਵਲੰਟੀਅਰਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਕਰੋਨਾ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਟੈਸਟਿੰਗ ਅਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਸਮੇਂ ਸਿਰ ਟੈਸਟਿੰਗ ਜ਼ਰੂਰੀ ਹੈ, ਉਥੇ ਵੈਕਸੀਨੇਸ਼ਨ ਵੀ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵਿਅਕਤੀ ਨੂੰ ਵੈਕਸੀਨ ਲਗਾਉਣੀ ਚਾਹੀਦੀ ਹੈ। ਵੈਕਸੀਨੇਸ਼ਨ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਕਾਰਗਰ ਸਿੱਧ ਹੋ ਰਹੀ ਹੈ।
ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਸ ਕਿਸੇ ਵਿਅਕਤੀ ਨੂੰ ਵੀ ਲੱਛਣ ਨਜਰ ਆਉਂਦੇ ਹਨ ਉਸ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤੇ ਟੈਸਟ ਕਰਵਾਉਣ ਤੋਂ ਲੈ ਕੇ ਨਤੀਜਾ ਆਉਣ ਤੱਕ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਹੋਰ ਮੈਂਬਰ ਕਰੋਨਾ ਦੀ ਚਪੇਟ ਵਿੱਚ ਨਾ ਆ ਸਕੇ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।