ਕੋਵਿਡ-19 ਸਬੰਧੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਤੇ ਅਸਰਦਾਰ – ਡਾ. ਹਰਪਾਲ ਸਿੰਘ
ਬਟਾਲਾ, 17 ਜੂਨ ; – ਕੋਵਿਡ ਮਹਾਂਮਾਰੀ ਦੇ ਚੱਲਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੈੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਬਟਾਲਾ ਸ਼ਹਿਰ ਦੇ ਸਮੂਹ ਕੌਂਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਵੈਕਸੀਨੇਸ਼ਨ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਵੱਧ ਚੜ੍ਹ ਕੇ ਅੱਗੇ ਆਉਣ ਅਤੇ ਸ਼ਹਿਰ ਵਾਸੀਆਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ।
ਡਾ. ਹਰਪਾਲ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ, ਜਿਸ ਕਰਕੇ ਵੱਧ ਤੋਂ ਵੱਧ ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾ ਰਹੇ ਹਨ ਅਤੇ ਵੈਕਸੀਨੇਸ਼ਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਲੋਕਾਂ ਨੂੰ ਜਾਗਰੂਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਤੇ ਅਸਰਦਾਰ ਹੈ ਅਤੇ ਸਰਕਾਰ ਵੱਲੋਂ ਨਿਰਧਾਰਿਤ ਕੈਟਾਗਰੀਆਂ ਦੇ ਯੋਗ ਲਾਭਪਾਤਰੀਆਂ ਨੂੰ ਇਹ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ, ਇਸ ਵੈਕਸੀਨ ਦੇ ਕੋਈ ਵੀ ਬੁਰੇ ਪ੍ਰਭਾਵ ਨਹੀਂ ਹਨ। ਉਨ੍ਹਾਂ ਸ਼ਹਿਰ ਦੇ ਕੌਂਸਲਰਾਂ ਅਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਵਾਸੀਆਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ ਅਤੇ ਨਾਲ ਹੀ ਆਪਣੇ ਵਾਰਡ ਤੇ ਮੁਹੱਲੇ ਵਿੱਚ ਵੈਕਸੀਨੇਸ਼ਨ ਕੈਂਪ ਲਗਵਾਉਣ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਸੰਪਰਕ ਕਰਨ।
ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਕਿਹਾ ਕਿ ਕੋਵਿਡ-19 ਟੀਕਾਕਰਨ ਉਪਰੰਤ ਵੀ 5 ਕੋਵਿਡ ਅਨੁਰੂਪ ਵਿਵਹਾਰਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਇਸ ਲਈ ਸਹੀ ਢੰਗ ਨਾਲ ਮਾਸਕ ਪਹਿਣੋ, ਸਾਬਣ ਅਤੇ ਪਾਣੀ ਨਾਲ ਸਮੇਂ ਸਮੇਂ ਤੇ ਹੱਥ ਧੋਵੋ ਜਾਂ ਸੈਨੇਟਾਈਜ਼ ਕਰੋ, ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖੋ, ਜੇਕਰ ਤੁਹਾਨੂੰ ਕੋਈ ਲੱਛਣ ਹੈ ਤਾਂ ਤੁਰੰਤ ਖ਼ੁਦ ਨੂੰ ਵੱਖਰਾ ਰੱਖੋ ਅਤੇ ਤੁਰੰਤ ਆਪਣਾ ਟੈੱਸਟ ਕਰਵਾਓ।