ਲੁਧਿਆਣਾ, 24 ਜੂਨ 2021 ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਸ੍ਰੀ ਪੀ.ਐਸ. ਕਾਲੇਕਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੈਸ਼ਨਜ਼ ਡਵੀਜਨ ਲੁਧਿਆਣਾ ਵਿਖੇ ਨਿਆਂਇਕ ਅਦਾਲਤਾਂ ਵੱਲੋਂ 10 ਜੁਲਾਈ, 2021 ਦਿਨ ਸ਼ਨੀਵਾਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਣਾ ਹੈ।
ਸਕੱਤਰ ਸ੍ਰੀ ਕਾਲੇਕਾ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ਨਿਪਟਾਰਾ ਆਮ ਸਹਿਮਤੀ ਅਤੇ ਥੋੜੇ ਸਮੇਂ ਵਿੱਚ ਹੋ ਜਾਵੇਗਾ ਉਥੇ ਨਾਲ ਹੀ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਇਹ ਲੋਕ ਅਦਾਲਤਾਂ ਰਾਸ਼ਟਰੀ ਪੱਧਰ ‘ਤੇ ਹਰੇਕ ਅਦਾਲਤ ਵਿੱਚ ਇੱਕੋ ਦਿਨ ਲਗਾਈਆਂ ਜਾ ਰਹੀਆਂ ਹਨ। ਇਹ ਅਦਾਲਤਾਂ ਜ਼ਿਲ੍ਹਾ ਕਚਿਹਰੀ ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਅਤੇ ਪਾਇਲ ਵਿਖੇ ਲਗਾਈਆਂ ਜਾ ਰਹੀਆਂ ਹਨ।
ਸ੍ਰੀ ਕਾਲੇਕਾ ਨੇ ਅੱਗੇ ਦੱਸਿਆ ਕਿ ਲੰਮੇ ਸਮੇਂ ਤੋਂ ਅਦਾਲਤੀ ਚੱਕਰਾਂ ਵਿੱਚ ਪਏ ਲੋਕ ਹੁਣ ਵੱਡੇ ਨੁਕਸਾਨ ਤੋਂ ਬਚਣ ਲਈ ਆਮ ਸਹਿਮਤੀ ਨਾਲ ਮਾਮਲੇ ਨਿਪਟਾਉਣ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਹਰ ਕਿਸਮ ਦੇ ਦੀਵਾਨੀ, ਮੈਟਰੀਮੋਨੀਅਲ, ਕਿਰਾਇਆ ਅਪੀਲਾਂ, ਮੋਟਰ ਐਕਸੀਡੈਂਟ ਕਲੇਮ, ਜ਼ਮੀਨ ਕਬਜ਼ੇ, ਅਪਰਾਧਕ ਅਪੀਲਾਂ (ਸਿਰਫ਼ ਕੰਪਾਊਂਡੇਬਲ ਕੇਸ) ਤੇ ਸਮਝੌਤਾਯੋਗ ਕੇਸ ਆਦਿ ਦੇ ਨਿਪਟਾਰੇ ਆਮ ਸਹਿਮਤੀ ਨਾਲ ਕਰਵਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਸਿਵਲ ਕੇਸਾਂ ਵਿੱਚ ਜਿਵੇਂ ਕਿਰਾਏ ਨਾਲ ਸੰਬੰਧਤ ਮਾਮਲੇ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸੰਬੰਧਤ ਮਾਮਲੇ, ਬਿਜਲੀ ਤੇ ਪਾਣੀ ਬਿੱਲ ਦੇ ਮਾਮਲੇ (ਚੋਰੀ ਤੋਂ ਬਿਨ੍ਹਾਂ), ਨੌਕਰੀ ਪੇਸ਼ੇ ਮਾਮਲੇ ਵਿੱਚ ਤਨਖ਼ਾਹ ਤੇ ਬਕਾਇਆ ਭੱਤਿਆਂ ਦੇ ਮਾਮਲੇ, ਪੈਨਸ਼ਨ ਤੇ ਸੇਵਾਮੁਕਤੀ ਲਾਭ ਮਾਮਲੇ, ਜੰਗਲਾਤ ਐਕਟ ਨਾਲ ਸੰਬੰਧਤ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਸ਼ਿਕਾਇਤਾਂ ਦੇ ਮਾਮਲੇ ਸਿਵਲ ਜੱਜ/ਜੂਡੀਸ਼ੀਅਲ ਮੈਜਿਸਟ੍ਰੇਟਜ ਦੀਆਂ ਅਦਾਲਤਾਂ ਵਿੱਚ ਨਿਪਟਾਰੇ ਲਈ ਵਿਚਾਰੇ ਜਾਣਗੇ।
ਉਨ੍ਹਾਂ ਕਿਹਾ ਕਿ ਜੇਕਰ ਉਕਤ ਸ਼੍ਰੇਣੀਆਂ ਵਿੱਚ ਕਿਸੇ ਵੀ ਵਿਅਕਤੀ ਦਾ ਕੋਈ ਕੇਸ ਪਹਿਲਾਂ ਚੱਲ ਰਿਹਾ ਹੈ ਅਤੇ ਉਹ ਆਪਣਾ ਕੇਸ ਲੋਕ ਅਦਾਲਤ ਵਿੱਚ ਸੁਣਵਾਈ ਲਈ ਰੱਖਣਾ ਚਾਹੁੰਦਾ ਹੈ ਤਾਂ ਉਹ ਇੱਕ ਦਰਖ਼ਾਸਤ ਸੰਬੰਧਤ ਅਦਾਲਤ ਵਿੱਚ ਜਾਂ ਫਿਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਲੋਕ ਅਦਾਲਤ ਵਿਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ।
ਸ੍ਰੀ ਪੀ.ਐਸ. ਕਾਲੇਕਾ ਨੇ ਅੱਗੇ ਕਿਹਾ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿਚ ਹੋ ਜਾਂਦਾ ਹੈ ਉਨ੍ਹਾਂ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਓ, ਛੇਤੀ ਤੇ ਸਸਤਾ ਨਿਆਂ ਪਾਓ।