ਐਸ.ਏ.ਐਸ. ਨਗਰ, 26 ਜੁਲਾਈ 2021
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਪਾਇਲਟ ਪ੍ਰਾਜੈਕਟ ਅਧੀਨ ਅਰੈਸਟ, ਪ੍ਰੀ-ਅਰੈਸਟ ਅਤੇ ਰਿਮਾਂਡ ਸਟੇਜ ਉਤੇ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਵੱਖ-ਵੱਖ ਥਾਣਿਆਂ ਵਿੱਚ ਤਾਇਨਾਤ ਐਸ.ਐਚ.ਓ. ਅਤੇ ਇਨਵੈਸਟੀਗੇਸ਼ਨ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਰਿਫਰੈਸ਼ਰ ਕੋਰਸ ਦਾ ਪ੍ਰਬੰਧ ਕੀਤਾ ਗਿਆ। ਇਸ ਵਿੱਚ ਪੁਲਿਸ ਸਟੇਸ਼ਨ ਏਅਰਪੋਰਟ, ਫੇਜ਼-1, ਫੇਜ਼-8, ਫੇਜ਼-11, ਸੋਹਾਣਾ ਅਤੇ ਮਟੌਰ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਇਸ ਸਿਖਲਾਈ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਬਲਜਿੰਦਰ ਸਿੰਘ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਸੁਪਰੀਮ ਕੋਰਟ ਵੱਲੋਂ “ਅਰਨੇਸ਼ ਕੁਮਾਰ ਬਨਾਮ ਸਟੇਟ ਆਫ਼ ਬਿਹਾਰ ਅਤੇ ਹੋਰ” ਕੇਸ ਵਿੱਚ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪਾਇਲਟ ਪ੍ਰਾਜੈਕਟ ਸ਼਼ੁਰੂ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਸਮੇਂ ਉਸ ਦੇ ਕਾਨੂੰਨੀ ਅਧਿਕਾਰਾਂ ਦੀ ਜਾਣਕਾਰੀ ਦੇਣ ਲਈ ਵਕੀਲ ਨਾਲ ਗੱਲ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਮਕਸਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨਲ ਦੋ ਵਕੀਲ ਸ੍ਰੀ ਪਰਮਿੰਦਰ ਸਿੰਘ ਅਤੇ ਸ੍ਰੀ ਕੁਲਦੀਪ ਸਿੰਘ ਕਲਸੀ ਨੂੰ ਅਧਿਕਾਰਤ ਕੀਤਾ ਗਿਆ ਹੈ। ਜੇ ਗ੍ਰਿਫ਼ਤਾਰ ਵਿਅਕਤੀ ਕਿਸੇ ਪ੍ਰਾਈਵੇਟ ਵਕੀਲ ਨਾਲ ਗੱਲ ਕਰਨੀ ਚਾਹੁੰਦਾ ਹੈ ਤਾਂ ਇਹ ਵੀ ਉਸ ਦਾ ਅਧਿਕਾਰ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਤੋਂ ਇਲਾਵਾ ਸ਼ਿਕਾਇਤਕਰਤਾ ਅਤੇ ਗਵਾਹ ਵੀ ਅਰੈਸਟ, ਪ੍ਰੀਅਰੈਸਟ ਅਤੇ ਰਿਮਾਂਡ ਸਟੇਜ ਉਤੇ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਰ ਹਫ਼ਤੇ ਗ੍ਰਿਫਤਾਰ ਵਿਅਕਤੀਆਂ ਦੀ ਸੂਚਨਾ ਭੇਜਣ ਦੀ ਹਦਾਇਤ ਵੀ ਕੀਤੀ।