”ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੀ ਥੀਮ ਉੱਤੇ ਚਿੱਤਰ ਪ੍ਰਦਰਸ਼ਨੀ ਦਾ ਦੂਜਾ ਦਿਨ

Sorry, this news is not available in your requested language. Please see here.

ਸ਼ਹਿਰ ਦੀ ਟਾਊਨ ਹਾਲ ਬਿਲਡਿੰਗ ਵਿੱਚ ਤਿੰਨ ਰੋਜ਼ਾ ਪ੍ਰਦਰਸ਼ਨੀ ਹੋਈ ਸ਼ੁਰੂ
ਐਮ.ਸੀ. ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਸਕੂਲੀ ਬੱਚਿਆਂ ਨੇ ਲੇਖ ਤੇ ਭਾਸ਼ਣ ਮੁਕਾਬਲਿਆਂ ਵਿੱਚ ਲਿਆ ਹਿੱਸਾ
“ਫਿਟ ਇੰਡੀਆ ਫਰੀਡਮ ਰਨ” ਦਾ ਵੀ ਕੀਤਾ ਗਿਆ ਆਯੋਜਨ
ਦੌੜ ਨੂੰ ਮਿਉਂਸਪਲ ਕਾਰਪੋਰੇਸ਼ਨ ਦੇ ਐਡੀਸ਼ਨਲ ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਖਾਈ ਹਰੀ ਝੰਡੀ
ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਨੇ ਬੰਨ੍ਹਿਆ ਸਮਾਂ
ਵੱਖੋ-ਵੱਖ ਮੁਕਾਬਲਿਆਂ ਵਿੱਚ 39 ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ 25 ਅਗਸਤ 2021
ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੀ ਥੀਮ ਉੱਤੇ ਵੱਖੋ ਵੱਖ ਥਾਵਾਂ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੀ ਟਾਊਨ ਹਾਲ ਬਿਲਡਿੰਗ ਵਿਚ ਇਕ ਤਿੰਨ ਰੋਜ਼ਾ ਪ੍ਰਦਰਸ਼ਨੀ ਲਾਈ ਗਈ ਹੈ, ਜਿਸ ਦੇ ਦੂਜੇ ਦਿਨ ਮਿਉਂਸਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪਨੀਰੀ ਨੂੰ ਸੇਧ ਦੇਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਪੰਜਾਬੀਆਂ ਨੇ ਵੀ ਵੱਡੇ ਪੱਧਰ ਉੱਤੇ ਕੁਰਬਾਨੀਆਂ ਕੀਤੀਆਂ ਹਨ, ਇਸ ਕਰਕੇ ਆਪਣੇ ਵਿਰਸੇ ਉੱਤੇ ਮਾਣ ਕਰਦਿਆਂ ਉਸਨੂੰ ਸੰਜੋ ਕੇ ਰੱਖਣ ਦੀ ਲੋੜ ਹੈ।
ਇਸ ਮੌਕੇ ਮੁੱਖ ਮਹਿਮਾਨ ਨੂੰ ਐਨ.ਸੀ.ਸੀ. ਦੀ ਫਰਸਟ ਬਟਾਲੀਅਨ ਦੇ ਕੈਡਿਟਸ ਨੇ ਸਲਾਮੀ ਦਿੱਤੀ। ਇੰਨਾ ਹੀ ਨਹੀਂ, ਐਨ.ਸੀ.ਸੀ. ਦੇ ਅਫਸਰਾਂ ਅਤੇ ਕੈਡਿਟਸ ਨੇ ਸਟੇਜ ਤੋਂ ਪਰਫਾਰਮ ਵੀ ਕੀਤਾ ਅਤੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ।
ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫ਼ਸਰ ਗੁਰਮੀਤ ਸਿੰਘ ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵੱਲੋਂ ਦੇਸ਼ ਭਰ ਦੇ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ।
ਪ੍ਰਦਰਸ਼ਨੀ ਤੋਂ ਇਲਾਵਾ ਇਸ ਮੌਕੇ ਬੱਚਿਆਂ ਦੇ ਪੇਂਟਿੰਗ ਅਤੇ ਗੀਤ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਸਕੂਲੀ ਬੱਚਿਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ, ਜਿਸ ਮਗਰੋਂ 39 ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸਦੇ ਨਾਲ ਐਨ.ਸੀ.ਸੀ. ਦੇ ਅਧਿਕਾਰੀਆਂ ਅਤੇ ਵੱਖੋ-ਵੱਖ ਸਕੂਲਾਂ ਤੋਂ ਆਏ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਚਿੱਤਰ ਪ੍ਰਦਰਸ਼ਨੀ ਤੋਂ ਇਲਾਵਾ ਮੰਤਰਾਲੇ ਵੱਲੋਂ ਸਕੂਲੀ ਬੱਚਿਆਂ ਦੇ ਵੱਖੋ-ਵੱਖ ਮੁਕਾਬਲੇ ਵੀ ਕਰਵਾਏ ਜਾ ਰਹੇ ਨੇ।
ਇਸਦੇ ਨਾਲ ਹੀ ਸਵੇਰੇ 6.30 ਵਜੇ ਫਿੱਟ ਇੰਡੀਆ ਫਰੀਡਮ ਰਨ ਦਾ ਵੀ ਆਯੋਜਨ ਕੀਤਾ ਗਿਆ, ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੇਨ ਗੇਟ ਤੋਂ ਸ਼ੁਰੂ ਹੋ ਕੇ ਛੇਹਰਟਾ ਚੌਂਕ ਤੱਕ ਆਯੋਜਿਤ ਕਰਵਾਈ ਗਈ। ਇਸ ਦੌੜ ਨੂੰ ਮਿਉਂਸਿਪਲ ਕਾਰਪੋਰੇਸ਼ਨ ਦੇ ਐਡੀਸ਼ਨਲ ਕਮਿਸ਼ਨਰ ਸੰਦੀਪ ਰਿਸ਼ੀ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।
ਬਹਿਰਹਾਲ ਤਿਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਵਿੱਚ ਕੱਲ ਕੇਂਦਰੀ ਸੰਸਕ੍ਰਿਤੀ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਐਨ. ਸੀ.ਸੀ. ਅਧਿਕਾਰੀ ਅਤੇ ਕੈਡੇਟ ਵੱਡੇ ਪੱਧਰ ਉੱਤੇ ਸ਼ਿਰਕਤ ਕਰਨਗੇ।

Spread the love