ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਮਿਲੇਗੀ 41.48 ਕਰੋੜ ਰੁਪਏ ਦੀ ਕਰਜ਼ ਮੁਆਫ਼ੀ: ਚੇਅਰਮੈਨ ਸੂਦ

Sorry, this news is not available in your requested language. Please see here.

ਐਸ.ਏ.ਐਸ. ਨਗਰ 18 ਅਗਸਤ 2021
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ. ਮੋਹਨ ਲਾਲ ਸੂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਕਾਰਪੋਰੇਸ਼ਨ ਤੋਂ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50 ਹਜ਼ਾਰ ਰੁਪਏ ਤੱਕ ਕਰਜ਼ਾ ਮੁਆਫ਼ ਕਰਨ ਦੇ ਕੀਤੇ ਐਲਾਨ ਨਾਲ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲਗਪਗ 10151 ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਮਿਲੀ ਹੈ।
ਚੇਅਰਮੈਨ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਮਿਤੀ 28 ਜੂਨ 2021 ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਕੇ ਰਾਹਤ ਦਿੱਤੀ ਗਈ ਹੈ, ਉਸੇ ਤਰਜ਼ ਉਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜ਼ਾ ਚੁੱਕ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਸਨ, ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ। ਇਸ ਉਤੇ ਮੁੱਖ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਸਨ।
ਇੰਜ. ਸੂਦ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਕਾਰਪੋਰੇਸ਼ਨ ਪਾਸੋਂ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਪ੍ਰਾਪਤ ਕਰਨ ਵਾਲੇ ਕਰਜ਼ਦਾਰਾਂ ਦਾ ਕਰਜ਼ਾ ਮੁਆਫ਼ ਕਰ ਕੇ 14260 ਕਰਜ਼ਦਾਰਾਂ ਨੂੰ 45.41 ਕਰੋੜ ਰੁਪਏ ਦੀ ਭਾਰੀ ਰਾਹਤ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਕੁੱਲ 86.89 ਕਰੋੜ ਰੁਪਏ ਦੀ ਕਰਜ਼ ਮੁਆਫ਼ੀ ਦੇ ਚੁੱਕੀ ਹੈ।
ਕਾਰਪੋਰੇਸ਼ਨ ਦੇ ਚੇਅਰਮੈਨ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜ਼ੇ ਮੁਆਫ਼ੀ ਨਾਲ ਰਾਹਤ ਹੀ ਨਹੀਂ ਦਿੱਤੀ ਗਈ, ਸਗੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹੱਈਆ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜ਼ਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜ਼ਾ (ਸਮੇਤ 1.35 ਕਰੋੜ ਰੁਪਏ ਦੀ ਸਬਸਿਡੀ) ਦੇ ਕੇ ਵੱਡੀ ਉਪਲਬਧੀ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੋਨਾ ਮਹਾਂਮਾਰੀ ਕਾਰਨ ਲਾਕਡਾਊਨ ਹੋਣ ਦੇ ਬਾਵਜੂਦ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜ਼ਾ (ਸਮੇਤ 1.65 ਕਰੋੜ ਰੁਪਏ ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ਉਤੇ ਗੋਲਡਨ ਜੁਬਲੀ ਵਰੇ੍ਹ ਦੇ ਤੌਰ ਉਤੇ ਮਨਾ ਰਹੀ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਿੱਧਾ ਕਰਜ਼ਾ ਸਕੀਮ ਅਧੀਨ ਕਰਜ਼ੇ ਵੰਡਣ ਦਾ ਟੀਚਾ 5 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿੱਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਾ ਕੇ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਵਿੱਚ ਮੁੱਲਾਂਪੁਰ ਦਾਖਾ, ਬੰਗਾ, ਅੰਮ੍ਰਿਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।

Spread the love