ਡਿਪਟੀ ਕਮਿਸ਼ਨਰ ਨੇ ਸਪਤਾਹਿਕ ਕਰਫਿਊ ਦੇ ਪਹਿਲੇ ਦਿਨ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਲਈ ਕੀਤਾ ਧੰਨਵਾਦ
ਜ਼ਿਲ੍ਹੇ ’ਚ ਹਫਤਾਵਰੀ ਕਰਫਿਊ ਦੀ ਸਖਤੀ ਨਾਲ ਸ਼ੁਰੂਆਤ, ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦਾ ਕੀਤਾ ਕੋਰੋਨਾ ਟੈਸਟ
ਐਸ.ਐਸ.ਪੀ. ਮਾਹਲ ਨੇ ਵੀ ਦੌਰਾ ਕਰਕੇ ਪੁਲਿਸ ਪ੍ਰਬੰਧਾਂ ਦਾ ਲਿਆ ਜਾਇਜ਼ਾ, ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 1 ਮਈ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਲਗਾਏ ਗਏ ਹਫਤਾਵਰੀ ਕਰਫਿਊ ਦੇ ਪਹਿਲੇ ਦਿਨ ਜਿਲ੍ਹਾ ਵਾਸੀਆਂ ਨੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ, ਜਿਸ ਨਾਲ ਪੂਰੇ ਜ਼ਿਲ੍ਹੇ ਵਿੱਚ ਕਰਫਿਊ ਅਸਰਦਾਰ ਢੰਗ ਨਾਲ ਲਾਗੂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਲੋਕਹਿਤ ਦੇ ਮੱਦੇਨਜ਼ਰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਕੋਰੋਨਾ ਵਾਇਰਸ ਸਬੰਧੀ ਸਿਹਤ ਪ੍ਰੋਟੋਕੋਲ ਦੀ ਪਾਲਣਾ ਵਿੱਚ ਕੋਈ ਲਾਪ੍ਰਵਾਹੀ ਨਾ ਅਪਨਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ’ਤੇ ਪੁਲਿਸ ਨਾਕੇ ਲਗਾ ਕੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਜਿਥੇ ਕਾਰਵਾਈ ਕੀਤੀ ਗਈ ਉਥੇ ਮੈਡੀਕਲ ਟੀਮਾਂ ਵਲੋਂ ਉਨ੍ਹਾਂ ਦਾ ਕੋਵਿਡ ਟੈਸਟ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਐਸ.ਡੀ.ਐਮ. ਅਮਿਤ ਮਹਾਜਨ, ਗੜ੍ਹਸ਼ੰਕਰ ਵਿੱਚ ਐਸ.ਡੀ.ਐਮ. ਹਰਬੰਸ ਸਿੰਘ, ਦਸੂਹਾ ਵਿੱਚ ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਮੁਕੇਰੀਆਂ ਵਿੱਚ ਐਸ.ਡੀ.ਐਮ. ਅਸ਼ੋਕ ਕੁਮਾਰ ਵਲੋਂ ਡੀ.ਐਸ.ਪੀਜ਼ ਨਾਲ ਮਿਲ ਕੇ ਸਬ-ਡਵੀਜ਼ਨ ਦਾ ਦੌਰਾ ਕਰਕੇ ਕਰਫਿਊ ਦੀ ਪਾਲਣਾ ਯਕੀਨੀ ਬਣਾਈ ਗਈ।
ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਐਤਵਾਰ ਨੂੰ ਵੀ ਜ਼ਿਲ੍ਹੇ ਵਿੱਚ ਮੁਕੰਮਲ ਕਰਫਿਊ ਹੈ ਅਤੇ ਲੋਕ ਸਮਝਦਾਰੀ ਦਿਖਾਉਂਦੇ ਹੋਏ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਅਤੇ ਗੈਰ ਜ਼ਿੰਮੇਦਾਰਾਨਾ ਵਿਵਹਾਰ ਨਾ ਅਪਨਾਇਆ ਜਾਵੇ। ਉਨ੍ਹਾਂ ਕਿਹਾ ਕਿ 15 ਮਈ ਤੱਕ ਸੋਮਵਾਰ ਤੋਂ ਸ਼ੁਕਰਵਾਰ ਰੋਜ਼ਾਨਾ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਇਆ ਗਿਆ ਹੈ ਜਦਕਿ ਹਫਤਾਵਰੀ ਕਰਫਿਊ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਬੰਦੀਆਂ ਦੌਰਾਨ ਐਮਰਜੈਂਸੀ ਸਥਿਤੀ ਵਿੱਚ ਹੀ ਘਰ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣਾ ਨਾ ਭੁੱਲਣ ਅਤੇ ਬਾਹਰ ਜਾ ਕੇ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਕੋਰੋਨਾ ਨੂੰ ਦੂਰ ਰੱਖਣ ਅਤੇ ਸਮੇਂ-ਸਮੇਂ ’ਤੇ ਹੱਥ ਧੋਣਾ ਯਕੀਨੀ ਬਨਾਉਣ।
ਕਰਫਿਊ ਦੌਰਾਨ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਵੀ ਹੁਸ਼ਿਆਰਪੁਰ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਜਿਥੇ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲਿਆ ਉਥੇ ਡਿਊਟੀ ’ਤੇ ਤਾਇਨਾਤ ਪੁਲਿਸ ਦਾ ਹੌਂਸਲਾ ਵੀ ਵਧਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।