ਨਵਾਂਸ਼ਹਿਰ, 3 ਮਈ :
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਅੱਜ ਸਥਾਨਕ ਅੰਬੇਡਕਰ ਭਵਨ ਵਿਖੇ ਬੰਗਾ ਅਤੇ ਨਵਾਂਸ਼ਹਿਰ ਇਲਾਕਿਆਂ ਨਾਲ ਸਬੰਧਤ ਅਨੁਸੂਚਿਤ ਜਾਤੀਆਂ ਦੇ 9 ਲੋੜਵੰਦ ਲਾਭਪਾਤਰੀਆਂ ਨੂੰ ਕਾਰਪੋਰੇਸ਼ਨ ਦੀ ਬੈਂਕ ਟਾਈ ਅੱਪ ਸਕੀਮ (ਬੀ. ਟੀ. ਐਸ) ਤਹਿਤ 90 ਹਜ਼ਾਰ ਰੁਪਏ ਦੀ ਸਬਸਿਡੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ। ਚੇਅਰਮੈਨ ਸੂਦ ਨੇ ਇਸ ਮੌਕੇ ਦੱਸਿਆ ਕਿ ਸਬਸਿਡੀ ਦੀ ਇਹ ਰਾਸ਼ੀ ਸਬੰਧਤ ਲਾਭਪਾਤਰੀਆਂ ਦੇ ਖਾਤੇ ਵਿਚ ਸਿੱਧੇ ਰੂਪ ਵਿਚ ਟਰਾਂਸਫਰ ਕਰ ਦਿੱਤੀ ਜਾਵੇਗੀ ਅਤੇ ਬੈਂਕਾਂ ਵੱਲੋਂ ਉਨਾਂ ਨੂੰ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਕਰੀਬ 8.50 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਹੁਣ ਤੱਕ ਪੰਜਾਬ ਵਿਚ 2 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਅਨੁਸੂਚਿਤ ਜਾਤੀਆਂ ਦੇ ਜਿਨਾਂ ਲੋੜਵੰਦ ਪਰਿਵਾਰਾਂ ਦੇ ਰੁਜ਼ਗਾਰ ਦੇ ਸਾਧਨ ਨਹੀਂ ਰਹੇ ਅਤੇ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਸੀ, ਨੂੰ ਵੱਖ-ਵੱਖ ਸਕੀਮਾਂ ਅਧੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਤਹਿਤ ਕਰਜ਼ਾ ਉਪਲਬੱਧ ਕਰਵਾ ਕੇ ਉਨਾਂ ਨੂੰ ਆਪਣਾ ਸਵੈ-ਰੁਜ਼ਗਾਰ ਚਲਾਉਣ ਵਿਚ ਮਦਦ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਆਪਣੇ ਗੋਲਡਨ ਜੁਬਲੀ ਵਰੇ ਦੌਰਾਨ ਵਿਸ਼ੇਸ਼ ਮੁਹਿੰਮਾਂ ਚਲਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਇਸੇ ਲੜੀ ਵਿਚ ਮੁੱਲਾਂਪੁਰ ਦਾਖਾ ਅਤੇ ਅੰਮਿ੍ਰਤਸਰ ਵਿਖੇ ਪਹਿਲਾਂ ਹੀ ਅਜਿਹੇ ਪ੍ਰੋਗਰਾਮ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਦੇ ਹੋਰਨਾਂ ਜ਼ਿਲਿਆਂ ਵਿਚ ਵੀ ਇਸ ਤਹਿਤ ਵਿਸ਼ੇਸ਼ ਮੁਹਿੰਮਾਂ ਚਲਾ ਕੇ ਅਨੁਸੂਚਿਤ ਜਾਤੀਆਂ ਦੇ ਲੋੜਵੰਦ ਪਰਿਵਾਰਾਂ ਨੂੰ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰਨ ਵਿਚ ਮਦਦ ਕੀਤੀ ਜਾਵੇਗੀ। ਇਸ ਮੌਕੇ ਜ਼ਿਲਾ ਮੈਨੇਜਰ ਸੁਰਿੰਦਰ ਕੌਰ ਤੋਂ ਇਲਾਵਾ ਦਫ਼ਤਰੀ ਸਟਾਫ ਅਤੇ ਹੋਰ ਪਤਵੰਤੇ ਹਾਜ਼ਰ ਸਨ।