ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਦੇ ਮੱਦੇਨਜ਼ਰ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਅਪੀਲ

DC Patiala Amit Kumar

Sorry, this news is not available in your requested language. Please see here.

– ਪਰਾਲੀ ਸਾੜਣ ਦੀ ਰੋਕਥਾਮ ਲਈ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ 334 ਨੋਡਲ ਅਫਸਰ ਨਿਯੁਕਤ
-585 ਨਿੱਜੀ ਕਿਸਾਨਾਂ, 206 ਕਿਸਾਨ ਸਮੂਹਾਂ, 21 ਸਹਿਕਾਰੀ ਸਭਾਵਾਂ ਤੇ 4 ਪੰਚਾਇਤਾਂ ਨੂੰ ਮਿਲੇਗੀ ਮਸ਼ੀਨਰੀ
ਪਟਿਆਲਾ, 30 ਸਤੰਬਰ
ਸਾਉਣੀ ਸੀਜ਼ਨ ਵਿੱਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਜਿਲ੍ਹੇ ਦੇ ਪਿੰਡਾਂ ‘ਚ 334 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ।
ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਸਾਨਾਂ ਨੂੰ ਕੋਵਿਡ-19 ਦੀ ਮਹਾਂਮਾਰੀ ਫੈਲਣ ਦੀਆਂ ਵਿਸ਼ੇਸ਼ ਹਾਲਤਾਂ ਵਿੱਚ ਝੋਨੇ ਦੀ ਪਰਾਲੀ ਸਾੜਣ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ ਕਿਉਂ ਜੋ ਇਸ ਨਾਲ ਪਹਿਲਾਂ ਹੀ ਵੱਖ-ਵੱਖ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀ ਸਿਹਤ ‘ਤੇ ਹੋਰ ਵੀ ਮਾੜਾ ਅਸਰ ਪਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪਿੰਡ ਪੱਧਰ ‘ਤੇ ਜ਼ਮੀਨੀ ਸਰਗਰਮੀਆਂ ਲਈ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਵੀ ਸ਼ਾਮਲ ਕੀਤਾ ਜਾਵੇ ਜਿਸ ਕਰਕੇ ਪਟਿਆਲਾ ਜ਼ਿਲ੍ਹੇ ‘ਚ 334 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਨੋਡਲ ਅਫਸਰ 15 ਨਵੰਬਰ ਤੱਕ ਪਿੰਡਾਂ ਵਿਚ ਆਪਣੀ ਡਿਊਟੀ ਨਿਭਾਉਣਗੇ ਅਤੇ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ ਅਤੇ ਭੌਂ ਸੁਰੱਖਿਆ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਗਾਰਡੀਅਨਜ਼ ਆਫ ਗਵਰਨੈਂਸ ਨਾਲ ਪੂਰਾ ਤਾਲਮੇਲ ਕਰਕੇ ਜ਼ਿਲ੍ਹੇ ‘ਚ ਪਰਾਲੀ ਸਾੜਣ ਦੇ ਗੈਰ-ਸਿਹਤਮੰਦ ਅਮਲ ਦੇ ਖਾਤਮੇ ਲਈ ਆਪਣੇ ਯਤਨ ਹੋਰ ਤੇਜ਼ ਕਰਨਗੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਨ੍ਹਾਂ ਅਫਸਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਸਿਰਫ਼ ਸੁਪਰ ਐਸ.ਐਮ.ਐਸ. ਸਿਸਟਮ ਵਾਲੀਆਂ ਕੰਬਾਇਨਾਂ ਨੂੰ ਚੱਲਣ ਦਿੱਤਾ ਜਾਵੇ। ਇਹ ਅਫ਼ਸਰ ਜ਼ਮੀਨ ਠੇਕੇ ਉਤੇ ਦੇਣ ਵਾਲਿਆਂ ਦੀ ਸੂਚੀ ਤਿਆਰ ਕਰਨਗੇ ਅਤੇ ਹਰੇਕ ਜ਼ਮੀਨ ਮਾਲਕ ਨੂੰ ਫੋਨ ਉਤੇ ਸਾਵਧਾਨ ਕਰਨਗੇ ਕਿ ਜੇਕਰ ਉਸ ਨੇ ਪਰਾਲੀ ਨਾ ਸਾੜੇ ਜਾਣ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਉਸ ਦੇ ਮਾਲ ਰਿਕਾਰਡ ਵਿਚ ਲਾਲ ਅੱਖਰਾਂ (ਰੈਡ ਐਂਟਰੀ) ਨਾਲ ਇੰਦਰਾਜ ਕੀਤਾ ਜਾਵੇਗਾ।
ਇਹ ਅਫ਼ਸਰ ਉਹਨਾਂ ਕਿਸਾਨਾਂ ਦੀ ਵੀ ਸ਼ਨਾਖਤ ਕਰਨਗੇ ਜਿਨ੍ਹਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਕੋਲ ਸਿਧੀ ਪਹੁੰਚ ਕਰਕੇ ਸਮਝਾਉਣਗੇ। ਇਹ ਅਫ਼ਸਰ ਪਰਾਲੀ ਸਾੜਣ ਵਾਲੇ ਕਿਸਾਨਾਂ ਦਾ ਪਤਾ ਲਾਉਣਗੇ ਅਤੇ ਪਿੰਡ ਦੇ ਮਾਲ ਪਟਵਾਰੀ ਨੂੰ ਮਾਲ ਵਿਭਾਗ ਵੱਲੋਂ ਵੱਖਰੇ ਤੌਰ ‘ਤੇ ਜਾਰੀ ਹਦਾਇਤਾਂ ਮੁਤਾਬਕ ਮਾਲ ਰਿਕਾਰਡ ਵਿੱਚ ਲੋੜੀਂਦੀ ਐਂਟਰੀ ਕਰਨ ਲਈ ਕਹਿਣਗੇ।
ਇਹ ਨੋਡਲ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨਗੇ। ਇਸੇ ਤਰ੍ਹਾਂ ਇਹ ਅਧਿਕਾਰੀ ਪੈਂਫਲੈਂਟ ਵੰਡਣ, ਗੁਰਦੁਆਰਿਆਂ ਜਾਂ ਹੋਰ ਤਰੀਕਿਆਂ ਰਾਹੀਂ ਹੋਕੇ ਦਿਵਾਉਣ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਕੂਲਾਂ ਕੋਲ ਪਹੁੰਚ ਕਰਕੇ ਲੈਕਚਰ ਕਰਵਾਉਣਗੇ ਤਾਂ ਕਿ ਵਿਦਿਆਰਥੀ ਅੱਗੇ ਆਪਣੇ ਮਾਪਿਆਂ ਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ।
ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਬਿਨਾਂ ਸਾੜੇ ਜਾਣ ਤੋਂ ਨਿਪਟਾਉਣ ਲਈ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੇ ਹਿੱਸੇ ਵੱਜੋਂ ਪਟਿਆਲਾ ਜ਼ਿਲ੍ਹੇ ‘ਚ ਇੰਨ ਸੀਟੂ ਅਧੀਨ ਕਿਸਾਨਾਂ ਨੂੰ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਮਲਚਰ, ਪਲਾਓ ਤੇ ਸੁਪਰ ਸੀਡਰ ਮੁਹੱਈਆ ਕਰਵਾਏ ਜਾ ਰਹੇ ਹਨ ਜਿਸ ਤਹਿਤ ਨਿਜੀ ਕਿਸਾਨਾਂ ਨੂੰ 585 ਮਸ਼ੀਨਾਂ ਦਿੱਤੀਆਂ ਜਾਣਗੀਆਂ ਅਤੇ ਜ਼ਿਲ੍ਹੇ ਦੇ 206 ਕਿਸਾਨ ਸਮੂਹਾਂ, 21 ਸਹਿਕਾਰੀ ਸਭਾਵਾਂ ਤੇ 4 ਪੰਚਾਇਤਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਐਕਸ ਸੀਟੂ ਅਧੀਨ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ 15 ਬੈਲਰ ਤੇ 15 ਰੈਕਰ ਦਿੱਤੇ ਜਾਣੇ ਹਨ ਤਾਂ ਜੋ ਕਿਸਾਨ ਪਰਾਲੀ ਦੀ ਸਹੀ ਤਰ੍ਹਾਂ ਸੰਭਾਲ ਕਰ ਸਕਣ।

Spread the love