ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰ ਰਹੇ ਹਨ ਜ਼ਿਲੇ ਵਿਚ ਚੱਲ ਰਹੇ ਓਟ ਕਲੀਨਿਕ-ਡਾ. ਸ਼ੇਨਾ ਅਗਰਵਾਲ

Sorry, this news is not available in your requested language. Please see here.

ਨਵਾਂਸ਼ਹਿਰ, 24 ਜੂਨ 2021
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜਿਥੇ ਡੈਪੋ ਅਤੇ ਬਡੀ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਕਿਸੇ ਕਾਰਨ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਓਟ ਸੈਂਟਰਾਂ ਰਾਹੀਂ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ ਇਸ ਵੇਲੇ ਇਕ ਓ. ਐਸ. ਟੀ ਸੈਂਟਰ ਅਤੇ ਸੱਤ ਓਟ ਸੈਂਟਰ ਸਫਲਤਾ ਪੂਰਵਕ ਚੱਲ ਰਹੇ ਹਨ, ਜਿਨਾਂ ਵਿਚ ਹੁਣ ਤੱਕ 6 ਹਜ਼ਾਰ ਤੋਂ ਵੱਧ ਕੇਸ ਰਜਿਸਟਰ ਹੋਏ ਹਨ। ਉਨਾਂ ਦੱਸਿਆ ਕਿ ਕੋਵਿਡ ਦੌਰਾਨ ਨਸ਼ੇ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿਚ ਓਟ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਓਟ ਮੈਡੀਸਨ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਦੌਰਾਨ 100 ਤੋਂ ਵੱਧ ਪਿੰਡਾਂ ਵਿਚੋਂ 2 ਹਜ਼ਾਰ ਤੋਂ ਉੱਪਰ ਨਸ਼ਾ ਗ੍ਰਸਤ ਮਰੀਜ਼ਾਂ ਨੂੰ ਓਟ ਸੈਂਟਰਾਂ ਵਿਚ ਲਿਆਂਦਾ ਗਿਆ। ਉਨਾਂ ਦੱਸਿਆ ਕਿ ਇਸ ਦੌਰਾਨ ਮਰੀਜ਼ਾਂ ਦੀ ਆਵਾਜਾਈ ਘਟਾਉਣ ਲਈ ਬਹਿਰਾਮ ਅਤੇ ਔੜ ਵਿਖੇ ਓਟ ਦੀਆਂ ਵਾਧੂ ਸੇਵਾਵਾਂ ਚਾਲੂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਇਨਾਂ ਸੈਂਟਰਾਂ ਵਿਚ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਦਵਾਈ ਦੇਣ ਤੋਂ ਇਲਾਵਾ ਉਨਾਂ ਦੀ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਨਸ਼ਾ ਤਿਆਗ ਚੁੱਕੇ ਨੌਜਵਾਨਾਂ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜੇ ਹੋ ਕੇ ਸਮਾਜ ਵਿਚ ਵਧੀਆ ਢੰਗ ਨਾਲ ਵਿਚਰ ਸਕਣ। ਉਨਾਂ ਕਿਹਾ ਕਿ ਨਸ਼ਾ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤਰਾਂ ਕਮਜ਼ੋਰ ਕਰ ਦਿੰਦਾ ਹੈ, ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਨਸ਼ਟ ਹੋ ਜਾਂਦੀ ਹੈ। ਉਨਾਂ ਕਿਹਾ ਕਿ ਨਸ਼ਿਆਂ ਤੋਂ ਜਵਾਨੀ ਨੂੰ ਬਚਾਉਣ ਲਈ ਇਹ ਜ਼ਰੂਰੀ ਹੈ ਬੱਚਿਆਂ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾਵੇ। ਉਨਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਕਈ ਵਾਰ ਸੰਗੀਨ ਅਪਰਾਧ ਕਰਦਾ ਹੈ, ਜਿਸ ਨਾਲ ਉਸ ਦੀ ਜ਼ਿੰਦਗੀ ਤਬਾਹ ਹੋ ਜਾਂਦੀ ਹੈ ਅਤੇ ਪਰਿਵਾਰ ਰੁਲ ਜਾਂਦੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਬੱਚਾ ਕਿਸੇ ਕਾਰਨ ਨਸ਼ੇ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਸ ਨੂੰ ਛੁਪਾਉਣ ਦੀ ਬਜਾਏ ਓਟ ਸੈਂਟਰ ਜਾਂ ਨਸ਼ਾ ਛੁਡਾਊ ਕੇਂਦਰ ਵਿਚ ਉਸ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।
ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।

Spread the love