ਪਿਛਲੇ ਦੋ ਸਾਲਾਂ ਦੌਰਾਨ ਕਿਸਾਨਾਂ ਨੂੰ 1642 ਪਰਾਲੀ ਨੂੰ ਸਾਂਭਣ ਵਾਲੀਆਂ ਵੱਖ-ਵੱਖ ਮਸ਼ੀਨਾਂ ‘ਤੇ ਮੁਹੱਈਆ ਕਰਵਾਈ ਜਾ ਚੁੱਕੀ ਹੈ ਸਬਸਿਡੀ
ਤਰਨ ਤਾਰਨ, 29 ਸਤੰਬਰ :
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ‘ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਦੀ ਹਾਜ਼ਰੀ ਵਿੱਚ ਡਰਾਅ ਕੱਢ ਕੇ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਐੱਮ. ਬੀ. ਪਲੋਅ, ਸੁਪਰ ਐੱਸ. ਐੱਮ. ਐੱਸ. ਅਤੇ ਬੇਲਰ ਆਦਿ ਦੇ ਆਰਡਰ ਕਿਸਾਨਾਂ ਨੂੰ ਖਰੀਦ ਕਰਕੇ ਬਿੱਲ ਦੇਣ ਲਈ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਮਸ਼ੀਨਰੀ ਦੀ ਪੜਤਾਲ ਕਰਕੇ ਸਮੇਂ ਸਿਰ ਬਣਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਸਕੇ ।
ਉਹਨਾਂ ਦੱਸਿਆ ਕਿ ਇਸ ਸਾਲ ਪ੍ਰਾਪਤ ਹੋਈਆਂ ਕੁੱਲ ਅਰਜ਼ੀਆਂ ਵਿੱਚੋਂ ਡਰਾਅ ਕੱਢ ਕੇ ਚੋਣ ਕਰਨ ਉਪਰੰਤ 911 ਵਿਅਕਤੀਗਤ ਮਸ਼ੀਨਾਂ, 676 ਕਿਸਾਨ ਗਰੁੱਪਾਂ, 09 ਪੰਚਾਇਤਾਂ, 06 ਸਹਿਕਾਰੀ ਸਭਾਵਾਂ, 15 ਬੇਲਰ ਅਤੇ 15 ਰੇਕ ਦੇ ਆਰਡਰ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਪ੍ਰਵਾਨਗੀ ਲੈ ਕੇ ਜਾਰੀ ਕਰ ਦਿੱਤੇ ਗਏ ਹਨ।ਉਹਨਾਂ ਇਹ ਵੀ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ 1642 ਪਰਾਲੀ ਨੂੰ ਸਾਂਭਣ ਵਾਲੀਆਂ ਵੱਖ-ਵੱਖ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਈ ਜਾ ਚੁੱਕੀ ਹੈ।ਕਿਸਾਨਾਂ ਨੂੰ ਅਪੀਲ ਕਰਦੇ ਹੋਏ ਉਹਨਾਂ ਕਿਹਾ ਕਿ ਇਹਨਾਂ ਮਸ਼ੀਨਾਂ ਦੀ ਵਰਤੋਂ ਜ਼ਿਆਦਾ ਤੋਂ ਜ਼ਿਆਦਾ ਖੇਤਾਂ ਵਿੱਚ ਕੀਤੀ ਜਾਵੇ ਅਤੇ ਹੋਰਨਾਂ ਲੋੜਵੰਦ ਕਿਸਾਨਾਂ ਨੂੰ ਇਹ ਮਸ਼ੀਨਰੀ ਵਰਤਣ ਲਈ ਦਿੱਤੀ ਜਾਵੇ ।
ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਕੁਲਜੀਤ ਸਿੰਘ ਸੈਣੀ ਨੇ ਕਿਹਾ ਕਿ ਜਾਗਰੂਕਤਾ ਮੁਹਿੰਮ ਅਧੀਨ ਲਗਾਤਾਰ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ‘ਤੇ ਕੈਂਪ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਪਿੰਡਾਂ ਦੇ ਧਾਰਮਿਕ ਸਥਾਨਾਂ ਤੋਂ ਲਗਾਤਾਰ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਅਨਾਊਂਸਮੈਂਟ ਕਰਵਾਈਆਂ ਜਾ ਰਹੀਆਂ ਹਨ ।