ਪੰਜਾਬ ਸਰਕਾਰ ਵਸਨੀਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ – ਵਿਧਾਇਕ ਗਰੇਵਾਲ
ਆਉਣ ਵਾਲੇ ਸਮੇਂ ‘ਚ ਅਜਿਹੇ ਹੋਰ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ – ਚੇਅਰਮੈਨ ਮੱਕੜ
ਲੁਧਿਆਣਾ, 15 ਜਨਵਰੀ 2024
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ ‘ਚ ਲੱਗੇ ਦੂਸਰੇ ਵਿਸ਼ੇਸ਼ ਕੈਂਪਾਂ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ ਲਿਆ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਖੰਨਾ, ਪਾਇਲ, ਮਲੌਦ, ਸਮਰਾਲਾ, ਮਾਛੀਵਾੜਾ, ਕੂੰਮ ਕਲਾਂ, ਸਾਹਨੇਵਾਲ, ਡੇਹਲੋਂ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਲੁਧਿਆਣਾ ਕੇਂਦਰੀ, ਮੁਲਾਂਪੁਰ ਦਾਖਾ, ਜਗਰਾਉਂ, ਸਿੱਧਵਾਂ ਬੇਟ, ਰਾਏਕੋਟ ਆਦਿ ਵਿਖੇ ਵਿਸ਼ੇਸ਼ ਕੈਂਪਾਂ ਦੌਰਾਨ ਵਸਨੀਕਾਂ ਨੇ ਆਪਣੇ ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕਰਵਾਇਆ। 06 ਜਨਵਰੀ ਨੂੰ ਸੂਬੇ ਭਰ ਵਿੱਚ ਆਯੋਜਿਤ ਪਹਿਲੇ ਰੈਵਿਨਿਊ ਕੈਂਪ ਦੇ ਸਫਲ ਆਯੋਜਨ ਤੋਂ ਬਾਅਦ, ਆਮ ਲੋਕਾਂ ਦੀ ਸਹੂਲਤ ਨੂੰ ਮੁੱੱਖ ਰੱਖਦਿਆਂ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾਂ ਵਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਆਜਲਦ ਦੂਸਰਾ ਕੈਂਪ ਵੀ ਲਗਾਇਆ ਜਾਵੇਗਾ ਜਿਸਦੇ ਤਹਿਤ ਅੱਜ 15 ਜਨਵਰੀ ਨੂੰ ਪੰਜਾਬ ਭਰ ਵਿੱਚ ਵਿਸ਼ੇ਼ਸ਼ ਕੈਂਪ ਲੱਗੇ ਹਨ।
ਸਥਾਨਕ ਬੱਚਤ ਭਵਨ ਵਿਖੇ ਲੱਗੇ ਹਲਕਾ ਪੂਰਬੀ ਅਤੇ ਪੱਛਮੀ ਦੇ ਕੈਂਪਾਂ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਬਿਨੈਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਵੀ ਕਰਵਾਇਆ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ, ਡਾਇਰੈਕਟਰ, ਪੰਜਾਬ ਡੇਅਰੀ ਵਿਕਾਸ ਬੋਰਡ ਸ. ਦੁਪਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਸਪੱਸ਼ਟ ਕੀਤਾ ਆਮ ਲੋਕਾਂ ਨੂੰ ਦਫ਼ਤਰਾਂ ਵਿੱਚ ਕਿਸੇ ਵੀ ਹੀਲੇ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਕਾਨੂੰਨੀ ਅੜਚਣ, ਘਰੇਲੂ ਵਿਵਾਦ ਜਾਂ ਕੋਈ ਹੋਰ ਮਸਲੇ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦਾ ਇੰਤਕਾਲ ਬਕਾਇਆ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਵਿੱਚ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਤਾਹੀ ਸਾਹਮਣੇ ਆਉਂਦੀ ਹੈ ਤਾਂ ਉਸਦੇ ਖਿਲਾਫ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਲੋਕਾਂ ਦਾ ਕੰਮ ਸਮੇਂ ਸਿਰ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਭਰ ਵਿੱਚ ਹੋਰ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।