ਸਕੂਲ ਸਿੱਖਿਆ ਵਿਭਾਗ 24 ਤੋਂ 31 ਮਈ ਤੱਕ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ਚਲਾਏਗਾ ਮਾਪੇ-ਅਧਿਆਪਕ ਰਾਬਤਾ ਮੁਹਿੰਮ 

Sorry, this news is not available in your requested language. Please see here.

ਅਧਿਆਪਕ ਫੋਨ ਕਾਲ ਰਾਹੀਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਬਣਾਉਣਗੇ ਰਾਬਤਾ।
 ਆਨਲਾਈਨ ਪੜ੍ਹਾਈ, ਸਿਹਤ ਸੰਭਾਲ, ਘਰ ਦੇ ਕੰਮ ਅਤੇ ਗਿਆਨ ਵਧਾਊ ਸਲਾਈਡਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ
ਬਰਨਾਲਾ,  21 ਮਈ , 2021(  )
ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ (ਐੱਲ.ਕੇ.ਜੀ. ਤੇ ਯੂ.ਕੇ.ਜੀ.) ਅਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂਂ ਦੇ ਮਾਪਿਆਂ ਨਾਲ ਮਾਪੇ-ਅਧਿਆਪਕ ਰਾਬਤਾ ਮੁਹਿੰਮ 24 ਤੋਂ 31 ਮਈ ਤੱਕ ਚਲਾਈ ਜਾਵੇਗੀ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ ਨਾਲ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਕਿਹਾ ਕਿ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਹੋਰ ਕਰਮਚਾਰੀ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨਾਲ ‘ਘਰ ਬੈਠੇ ਸਿੱਖਿਆ’ ਪ੍ਰੋਗਰਾਮ ਤਹਿਤ ਆਨਲਾਈਨ ਜੁੜ ਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ ਹਨ। ਉਹਨਾਂ ਕਿਹਾ ਕਿ ਮਾਪੇ-ਅਧਿਆਪਕ ਰਾਬਤਾ ਮੁਹਿੰਮ ਤਹਿਤ ਕੀਤੀ ਗਈ ਪਹਿਲਕਦਮੀ ਵਿੱਚ ਸਕੂਲ ਮੁਖੀ ਅਤੇ ਅਧਿਆਪਕ ਫੋਨ ਕਾਲ ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਸ਼ੇਸ਼ ਸਮਾਂ ਸਾਰਣੀ ਬਣਾ ਕੇ 24 ਤੋਂ 31 ਮਈ ਤੱਕ ਹਰੇਕ ਵਿਦਿਆਰਥੀ ਦੇ ਮਾਤਾ/ਪਿਤਾ/ਸਰਪ੍ਰਸਤ ਨਾਲ ਗੱਲਬਾਤ ਕਰਨਗੇ। 
                  ਜਗਤਾਰ ਸਿੰਘ ਕੁਲੜੀਆਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਪ੍ਰਿੰਸੀਪਲ ਡਾਇਟ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਪੇ-ਅਧਿਆਪਕ ਰਾਬਤਾ ਮੁਹਿੰਮ ਦੀ ਫੀਡਬੈਕ ਲੈਣ ਲਈ ਖੁਦ ਵੀ ਰੈਂਡਮ ਤੌਰ ‘ਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕਰਨਗੇ।ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ ਨੇ ਕਿਹਾ ਕਿ ਮਾਪੇ-ਅਧਿਆਪਕ ਰਾਬਤਾ ਮੁਹਿੰਮ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੱਖਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪੋ ਆਪਣੇ ਬੱਚਿਆਂ ਨੂੰ ਚੰਗੀ ਪੜ੍ਹਾਈ ਲਈ ਪ੍ਰੇਰਿਤ ਕਰਨ ਅਤੇ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਇਹ ਮੁਹਿੰਮ ਬਹੁਤ ਹੀ ਮਹੱਤਵਪੂਰਨ ਹੋਵੇਗੀ।ਲਲਿਤ ਕਿਸ਼ੋਰ ਘਈ ਡੀਪੀਆਈ ਐਲੀਮੈਂਟਰੀ ਸਿੱਖਿਆ ਪੰਜਾਬ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ ਦੀ ਓਰੀਐਂਟੇਸ਼ਨ ਤੋਂ ਬਾਅਦ ਹੁਣ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ ਦੀ ਓਰੀਐਂਟਸ਼ਨ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕਾਂ ਦੀਆਂ ਟੀਮਾਂ ਵੱਲੋਂ ਵਰਚੂਅਲ ਮੀਟਿੰਗਾਂ ਕਰਕੇ ਕੀਤੀ ਜਾਵੇਗੀ।
          ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਇਸ ਰਾਬਤੇ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਜਿਵੇਂ ਦੂਰਦਰਸ਼ਨ ਪੰਜਾਬੀ ਤੇ ਆਨਲਾਈਨ ਟੀਵੀ ਕਲਾਸਾਂ, ਪੰਜਾਬ ਐਜੂਕੇਅਰ ਐਪ ਰਾਹੀਂ ਬੱਚਿਆਂ ਦੇ ਬੌਧਿਕ ਵਿਕਾਸ ਲਈ ਭੇਜੀਆਂ ਜਾ ਰਹੀਆਂ ਗਿਆਨ ਵਧਾਊ ਸਲਾਈਡਾਂ, ਵੀਡੀਓ ਐਪ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ, ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਸਬੰਧੀ ਜਾਗਰੂਕ ਕਰਨ ਬਾਰੇ ਗੱਲਬਾਤ ਕੀਤੀ ਜਾਵੇਗੀ।
 ਸਮੂਹ ਸਕੂਲ ਮੁਖੀ ਅਤੇ ਅਧਿਆਪਕ ਮਾਪੇ-ਅਧਿਆਪਕ ਰਾਬਤਾ ਮੁਹਿੰਮ ਤਹਿਤ ਹੋਣ ਵਾਲੀ ਗੱਲਬਾਤ ਬਾਰੇ ਫੀਡਬੈਕ ਗੂਗਲ ਪ੍ਰੋਫਾਰਮੇ ਰਾਹੀਂ ਭਰਨਗੇ। ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਨੇ ਕਿਹਾ ਕਿ ਵਿਭਾਗੀ ਹਦਾਇਤਾਂ ਅਨੁਸਾਰ ਸਮੁੱਚੀ ਪੜ੍ਹੋ ਪੰਜਾਬ ਟੀਮ ਇਸ ਰਾਬਤੇ ਦੇ ਸੰਚਾਲਨ ਲਈ ਅਧਿਆਪਕਾਂ ਦੀ ਮੱਦਦ ਕਰੇਗੀ।
Spread the love