ਮੁਹਿੰਮ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਦਿੱਤੇ ਗਏ ਉਸਾਰੂ ਸੁਝਾਅ
ਵਿਸ਼ੇਸ ਜਾਗਰੂਕਤਾ ਮੁਹਿੰਮ ਨੂੰ ਜ਼ਿਲੇ ਦੇ ਕਿਸਾਨਾਂ ਵੱਲੋਂ ਦਿੱਤਾ ਗਿਆ ਭਰਵਾਂ ਹੁੰਗਾਰਾ
ਤਰਨ ਤਾਰਨ, 12 ਨਵੰਬਰ :
ਜ਼ਿਲਾ ਤਰਨ ਤਾਰਨ ਵਿੱਚ ਝੋਨੇ ਦੀ ਪਰਾਲੀ ਨੰੁ ਅੱਗ ਲਗਾਉਣ ਦੇ ਰੁਝਾਨ ਤੋਂ ਰੋਕਣ ਲਈ ਸੂਰੂ ਕੀਤੀ ਗਈ ਵਿਸ਼ੇਸ ਮੁਹਿੰਮ “ਸਾਡਾ ਪਿੰਡ ਸਾਡੀ ਜ਼ਿੰਮੇਵਾਰੀ, ਕੋਈ ਅੱਗ ਨਾ ਧੂੰਆਂ ਇਸ ਵਾਰੀ“ ਤਹਿਤ ਜ਼ਿਲੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਗਠਿਤ ਕੀਤੀਆਂ ਵਿਸ਼ੇਸ ਟੀਮਾਂ ਨੂੰ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਗਈ ਵਿਸ਼ੇਸ ਮੀਟਿੰਗ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ (ਅੰਡਰ ਟਰੇਨਿੰਗ) ਸ੍ਰੀ ਅਮਨਪ੍ਰੀਤ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਕੁਲਜੀਤ ਸਿੰਘ ਸੈਣੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤਨਤਮ ਸਿੰਘ ਬਾਠ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ ਕਿ ਜ਼ਿਲੇ ਦੇ ਸਰਹੱਦੀ ਇਲਾਕੇ ਦੇ 20 ਪਿੰਡਾਂ, ਜਿੰਨਾਂ ਵਿੱਚ ਪਿਛਲੇ ਸਮੇਂ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀਆਂ ਜ਼ਿਆਦਾ ਘਟਨਾਵਾਂ ਸਾਹਮਣੇ ਆਈਆਂ ਸਨ, ਉਹਨਾਂ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਸਕਾਊਟਾਂ/ਗਾਈਡਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਨੂੰ ਜ਼ਿਲੇ ਦੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ ਜਾਗਰੂਕਤਾ ਮੁਹਿੰਮ ਦੌਰਾਨ ਅਗਾਂਹਵਧੂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਅਨੇਕਾਂ ਉਸਾਰੂ ਸੁਝਾਅ ਦਿੱਤੇ ਗਏ, ਜਿੰਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਅਮਲ ਵਿੱਚ ਲਿਆ ਕੇ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਵਿੱਚ ਹੋਰ ਸਫ਼ਲਤਾ ਮਿਲੇਗੀ।
ਇਸ ਦੌਰਾਨ ਉਹਨਾਂ ਸਕਾਊਟਾਂ/ਗਾਈਡਾਂ, ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਅਤੇ ਖੇਤੀਬਾੜੀ ਵਿਭਾਗ ਅਧਿਕਾਰੀਆਂ ਨੂੰ “ਸਾਡਾ ਪਿੰਡ ਸਾਡੀ ਜ਼ਿੰਮੇਵਾਰੀ, ਕੋਈ ਅੱਗ ਨਾ ਧੂੰਆਂ ਇਸ ਵਾਰੀ “ ਮੁਹਿੰਮ ਨੂੰ ਕਾਰਗਰ ਤਰੀਕੇ ਨਾਲ ਚਲਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਜ਼ਿਲੇ੍ਹ ਵਿਚ 506 ਨੋਡਲ ਅਧਿਕਾਰੀ ਅਤੇ 74 ਕਲੱਸਟਰ ਅਫਸਰ ਤਾਇਨਾਤ ਕੀਤੇ ਹਨ।ਡਿਪਟੀ ਕਮਿਸ਼ਨਰ ਨੇ ਜਿਲੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵੱਲੋਂ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ, ਸੋ ਕਿਸਾਨ ਵੀਰ ਪਰਾਲੀ ਨੂੰ ਜਾਂ ਤਾਂ ਪਸ਼ੂ-ਧਨ ਦੀਆਂ ਲੋੜਾਂ ਲਈ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਕੇ ਸਾਂਭ ਲੈਣ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।