ਜ਼ਿਲ੍ਹੇ ਦੇ ਬਾਕੀ ਰਹਿੰਦੇ 17 ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕਰਨ ਦਾ ਚੱਲ ਰਿਹਾ ਹੈ ਕੰਮ
ਤਰਨਤਾਰਨ, 01 ਸਤੰਬਰ :
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਆਪਣੇ ਸੁਨਹਿਰੀ ਦੌਰ ਵਿੱਚ ਗੁਜ਼ਰ ਰਹੀ ਹੈ। ਇਸ ਮੁਹਿੰਮ ਤਹਿਤ ਜਿਲ੍ਹੇ ਦੇ 98 ਫੀਸਦੀ ਸਰਕਾਰੀ ਸਕੂਲ, ਸਮਾਰਟ ਸਕੂਲਾਂ ‘ਚ ਤਬਦੀਲ ਹੋ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਨਿਸ਼ਚਿਤ ਕੀਤੇ ਮਾਪਦੰਡਾਂ ਤਹਿਤ ਜ਼ਿਲ੍ਹੇ ਦੇ 772 ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ ‘ਚੋਂ 755 ਸਕੂਲ, ਸਮਾਰਟ ਸਕੂਲ ਬਣ ਚੁੱਕੇ ਹਨ।
ਉਹਨਾਂ ਦੱਸਿਆ ਕਿ ਜਿਲ੍ਹੇ ਦੇ 505 ਪ੍ਰਾਇਮਰੀ ਸਕੂਲਾਂ ‘ਚੋਂ 491 ਸਕੂਲ, 95 ਮਿਡਲ ਸਕੂਲਾਂ ‘ਚੋਂ 93 ਸਕੂਲ, 95 ਹਾਈ ਸਕੂਲਾਂ ‘ਚੋਂ 94 ਸਕੂਲ ਅਤੇ 77 ਸੈਕੰਡਰੀ ਸਕੂਲਾਂ ‘ਚੋਂ 77 ਸਕੂਲ, ਸਮਾਰਟ ਸਕੂਲਾਂ ‘ਚ ਤਬਦੀਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਰੂਪ ‘ਚ ਜ਼ਿਲ੍ਹੇ ਦੇ ਬਾਕੀ ਰਹਿੰਦੇ 17 ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕਰਨ ਦਾ ਕੰਮ ਚੱਲ ਰਿਹਾ ਹੈ।
ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਦੀ ਸਕੂਲ ਸੁਧਾਰ ਮੁਹਿੰਮ ਨੂੰ ਮਿਲ ਰਹੀ ਇਸ ਸਫਲਤਾ ਦੀ ਵਿਲੱਖਣਤਾ ਇਹ ਹੈ ਕਿ ਇਸ ਅਭਿਆਨ ਵਿੱਚ ਸਿੱਖਿਆ ਵਿਭਾਗ ਵੱਲੋਂ ਇੱਕ ਮਾਰਗ ਦਰਸ਼ਕ ਅਤੇ ਪ੍ਰੇਰਕ ਦੀ ਭੂਮਿਕਾ ਨਿਭਾਉਣ ਦੇ ਨਾਲ ਨਾਲ ਸਮੱਗਰਾ ਸਿੱਖਿਆ ਅਭਿਆਨ ਤਹਿਤ ਸਕੂਲਾਂ ਦੀ ਮਾਲੀ ਮੱਦਦ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ 60:40 ਦੇ ਅਨੁਪਾਤ ਨਾਲ ਸਮਾਰਟ ਸਕੂਲ ਬਣਾਉਣ ਦੀ ਨੀਤੀ ਵੀ ਬਣਾਈ ਗਈ ਤੇ ਜਿਸ ਤਹਿਤ ਸਰਕਾਰ ਵੱਲੋਂ ਇਹਨਾਂ ਸਕੂਲ਼ਾਂ ਨੂੰ ਮਾਲੀ ਮਦਦ ਦਿੱਤੀ ਗਈ ਹੈ।
ਜਿਲ੍ਹਾ ਸਿੱਖਿਆ ਅਫਸਰ (ਸੈ.) ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਸਮਾਰਟ ਸਕੂਲਾਂ ਦੇ ਮਾਪਦੰਡਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਨਵੀਆ ਤਕਨੀਕਾਂ ਅਤੇ ਗਤੀਵਿਧੀਆਂ ‘ਤੇ ਅਧਾਰਿਤ ਸਿੱਖਣ-ਸਿਖਾਓੁਣ ਵਿਧੀਆਂ ਨੂੰ ਸਕੂਲ ਪੱਧਰ ਤੇ ਅਮਲੀ ਜਾਮਾ ਪਹਿਨਾਉਣ ਲਈ ਸਕੂਲਾਂ ਵਿੱਚ ਲੋੜੀਦੀਆਂ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਸਮਾਰਟ ਕਲਾਸ ਰੂਮ (ਪ੍ਰੋਜੈਕਟਰ ਤੇ ਐਲ.ਈ.ਡੀਜ਼), ਕਲਰ ਕੋਡਿੰਗ, ਸੁੰਦਰ ਗੇਟ, ਸਕੂਲ ਵਿੱਚ ਵਿੱਦਿਅਕ ਵਾਤਾਵਰਨ ਤਿਆਰ ਕਰਨ ਲਈ ਬਾਲਾ ਵਰਕ (ਬਿਲਡਿੰਗ ਐਜ ਲਰਨਿੰਗ ਏਡ), ਐਲ.ਈ.ਡੀ/ਕੰਪਿਊਟਰ ਲੈਬ, ਈ-ਕੰਟੈਟ, ਸੁੰਦਰ ਤੇ ਮਿਆਰੀ ਵਰਦੀ, ਟਾਈ, ਬੈਲਟ ਅਤੇ ਪਹਿਚਾਣ ਪੱਤਰ ਸ਼ਾਮਲ ਹਨ।
ਜਿਲ੍ਹਾ ਸਿੱਖਿਆ ਅਫਸਰ (ਐਲੀ.) ਵਰਿੰਦਰ ਕੁਮਾਰ ਪਰਾਸ਼ਰ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੂੰ ਉਕਤ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਹਿੱਤ ਸਕੂਲ ਅਧਿਆਪਕਾਂ ਵੱਲੋਂ ਲੋਕਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਮਿਹਨਤੀ ਅਤੇ ਸਿਰੜੀ ਅਧਿਆਪਕਾਂ ਵੱਲੋੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਓੁਪਰਾਲਿਆ ਤੋਂ ਪ੍ਰੇਰਣਾ ਲੈ ਕੇ, ਸਿੱਖਿਆ ਵਿਭਾਗ ਵੱਲੋਂ ਜਨ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਨੂੰ ਸੈਲਫ ਮੇਡ ਸਮਾਰਟ ਸਕੂਲ ਬਣਾਉਣ ਦੀ ਮੁਹਿੰਮ ਆਰੰਭ ਕੀਤੀ ਗਈ ਸੀ ਅਤੇ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਪਰਿਵਰਤਿਤ ਹੋ ਗਈ ਹੈ।
ਸਹਾਇਕ ਜਿਲ੍ਹਾ ਸਮਾਰਟ ਸਕੂਲ ਮੈਂਟਰ ਅਮਨਦੀਪ ਸਿੰਘ ਦਾ ਕਹਿਣਾ ਹੈ ਕਿ ਸਕੂਲ ਅਧਿਆਪਕਾਂ ਵਿੱਚ ਇਕ ਖਾਸ ਕਿਸਮ ਦੇ ਜਜਬੇ ਦੀ ਭਾਵਨਾ ਤਹਿਤ ਕੀਤੇ ਜਾ ਰਹੇ ਕੰਮ ਸਦਕਾ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਵੱਲ਼ੋਂ ਲਗਾਤਾਰ ਦਿੱਤੇ ਜਾ ਰਹੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਹੋ ਗਿਆ ਹੈ।