15 ਅਗਸਤ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਕੌਮੀ ਝੰਡਾ
ਨਵਾਂਸ਼ਹਿਰ, 13 ਅਗਸਤ 2021 75ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 15 ਅਗਸਤ ਨੂੰ ਸਵੇਰੇ 9 ਵਜੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਆਈ. ਟੀ. ਆਈ ਗਰਾਊਂਡ, ਨਵਾਂਸ਼ਹਿਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ (ਸਥਾਨਕ) ਨਵਨੀਤ ਕੌਰ ਗਿੱਲ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ। ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਸੁਤੰਤਰਤਾ ਦਿਵਸ ਮੌਕੇ ਬੱਚਿਆਂ ਦਾ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ। ਉਨਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖਸੀਅਤਾਂ ਅਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਜਾਵੇਗੀ।
ਡਿਪਟੀ ਕਮਿਸਨਰ ਨੇ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਨ ਲਈ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਸਮੁੱਚੇ ਸਮਾਗਮ ਦੌਰਾਨ ਕੋਵਿਡ-19 ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਸਾਰਿਆਂ ਲਈ ਇਕ ਮਹੱਤਵਪੂਰਨ ਦਿਹਾੜਾ ਹੈ, ਕਿਉਂਕਿ 1947 ਨੂੰ ਇਸੇ ਦਿਨ ਸਾਡਾ ਦੇਸ਼ ਕਈ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਸੀ। ਇਸ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਦਾ ਫਰਜ਼ ਬਣਦਾ ਹੈ ਕਿ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ’ਤੇ ਆਪਣੀ ਡਿਊਟੀ ਨੂੰ ਪੂਰੀ ਸਮਰਪਣ ਭਾਵਨਾ ਨਾਲ ਨਿਭਾਵੇ। ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਇਸ ਮੌਕੇ ਕਿਹਾ ਕਿ ਜ਼ਿਲਾ ਪੁਲਿਸ ਵਲੋਂ ਆਜ਼ਾਦੀ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਚਾਰੂ ਆਵਾਜਾਈ ਅਤੇ ਪਾਰਕਿੰਗ ਆਦਿ ਦੇ ਵੀ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਪੀ ਮਨਵਿੰਦਰ ਬੀਰ ਸਿੰਘ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਤਹਿਸੀਲਦਾਰ ਬਲਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :- ਫੁੱਲ ਡਰੈੱਸ ਰਿਹਰਸਲ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ।
-ਪਰੇਡ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਐਸ. ਐਸ. ਪੀ ਅਲਕਾ ਮੀਨਾ ਅਤੇ ਪਰੇਡ ਕਮਾਂਡਰ ਡੀ. ਐਸ. ਪੀ (ਸਥਾਨਕ) ਨਵਨੀਤ ਕੌਰ ਗਿੱਲ।
-ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਐਸ. ਐਸ. ਪੀ ਅਲਕਾ ਮੀਨਾ।