ਸਮੱਗਰ ਸਿੱਖਿਆ ਅਭਿਆਨ ਤਹਿਤ ਕਰੀਬ 02 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਕਲਾਸ ਰੂਮ, ਸਾਇੰਸ ਲੈਬਜ਼ ਤੇ ਕਰਵਾਏ ਜਾ ਰਹੇ ਨੇ ਹੋਰ ਵਿਕਾਸ ਕਾਰਜ
ਨਬਾਰਡ ਤਹਿਤ ਕਰੀਬ 07.50 ਕਰੋੜ ਰੁਪਏ ਨਾਲ ਕੀਤਾ ਜਾ ਰਿਹਾ ਹੈ ਸਕੂਲਾਂ ਦਾ ਵਿਕਾਸ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਕੂਲਾਂ ਦੇ ਵਿਕਾਸ ਪ੍ਰੋਜੈਕਟ ਤੈਅ ਸਮੇਂ ਉਤੇ ਪੂਰੇ ਕਰਵਾਉਣ ਦੀਆਂ ਹਦਾਇਤਾਂ
ਐਸ.ਏ.ਐਸ.ਨਗਰ, 19 ਜੁਲਾਈ 2021
ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਸਮੱਗਰ ਸਿੱਖਿਆ ਅਭਿਆਨ ਤਹਿਤ ਕਰੀਬ 02 ਕਰੋੜ ਅਤੇ ਨਬਾਰਡ ਤਹਿਤ ਕਰੀਬ 07.50 ਕਰੋੜ ਰੁਪਏ ਨਾਲ ਨਵੇਂ ਕਲਾਸ ਰੂਮ, ਸਾਇੰਸ ਲੈਬਜ਼ ਸਮੇਤ ਸਕੂਲਾਂ ਸਬੰਧੀ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੇ ਸਿੱਖਿਆ ਢਾਂਚੇ ਸਬੰਧੀ ਸਮੀਖਿਆ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।ਇਸ ਮੌਕੇ ਸ਼੍ਰੀ ਦਿਆਲਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਸਕੂਲਾਂ ਸਬੰਧੀ ਸਾਰੇ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮੇਂ ਉਤੇ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੱਗਰ ਸਿੱਖਿਆ ਅਭਿਆਨ ਤਹਿਤ 02 ਕਰੋੜ ਰੁਪਏ ਵਿੱਚੋਂ ਕਰੀਬ 01 ਕਰੋੜ 87 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਨਬਾਰਡ ਤਹਿਤ ਸਕੂਲਾਂ ਦੇ ਵਿਕਾਸ ਲਈ ਮਨਜ਼ੂਰ ਹੋਏ ਕਰੀਬ 07.50 ਕਰੋੜ ਰੁਪਏ ਵਿੱਚੋਂ ਕਰੀਬ 06 ਕਰੋੜ 13 ਲੱਖ ਰੁਪਏ ਪ੍ਰਾਪਤ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ ਕਰੀਬ 05 ਕਰੋੜ 97 ਲੱਖ ਰੁਪਏ ਖਰਚੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੂਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਤਹਿਤ ਸਟੇਜ 01 ਪੈਰਾਮੀਟਰ ਮੁਤਾਬਕ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸ਼੍ਰੇਣੀ ਦੇ ਜ਼ਿਲ੍ਹੇ ਵਿਚਲੇ ਸਾਰੇ 648 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਿਆ ਹੈ ਤੇ ਸਟੇਜ 02 ਪੈਰਾਮੀਟਰ ਤਹਿਤ 648 ਵਿੱਚੋਂ 643 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸਕੂਲਾਂ ਦੇ ਵਿਕਾਸ ਸਬੰਧੀ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੋਹਾਲੀ ਜਗਦੀਪ ਸਹਿਗਲ, ਐਸ.ਡੀ.ਐਮ. ਡੇਰਾਬਸੀ ਕੁਲਦੀਪ ਬਾਵਾ, ਐਸ.ਡੀ.ਐਮ. ਖਰੜ ਹਰਬੰਸ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜਿੰਦਰ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ: ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੱਖਿਆ ਵਿਭਾਗ ਦੇ ਅਧਿਕਾਰੀ ਨਾਲ ਮੀਟਿੰਗ ਕਰਦੇ ਹੋਏ।