ਫਿਰੋਜ਼ਪੁਰ 30 ਜਨਵਰੀ 2024
ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਸਥਾਨਕ ਸਾਰਾਗੜ੍ਹੀ ਪਾਰਕ ਵਿਖੇ ਮਨਾਇਆ ਗਿਆ। ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ ਮੈਡਮ ਸੋਮਿਆ ਮਿਸ਼ਰਾ ਸਮੇਤ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਜਿੱਥੇ 2 ਮਿੰਟ ਦਾ ਮੌਨ ਧਾਰਨ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਉੱਥੇ ਹੀ ਸੁਤੰਤਰਤਾ ਸੰਗ੍ਰਾਮੀ ਮਹਾਤਮਾ ਗਾਂਧੀ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਜਿਨ੍ਹਾਂ ਦੀਆਂ ਸ਼ਹੀਦੀਆਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਸਿੱਧ ਸੁਤੰਤਰਤਾ ਸਗ੍ਰਾਮੀ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਫਿਰਕੂ ਸਦਭਾਵਨਾ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਮਹਾਨ ਦੇਸ਼ ਭਗਤਾਂ/ਸ਼ਹੀਦਾਂ ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹ ਹੈ ਕਿ ਉਨ੍ਹਾਂ ਵੱਲੋਂ ਕੁਰਬਾਨੀ ਕਰਕੇ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਣਾਈ ਰੱਖਣ ਲਈ ਅਸੀਂ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ।
ਇਸ ਮੌਕੇ ਸਹਾਇਕ ਕਮਿਸ਼ਨਰ ਸੂਰਜ ਕੁਮਾਰ, ਭਾਸ਼ਾ ਅਫਸਰ ਜਗਦੀਪ ਸਿੰਘ ਸੰਧੂ , ਐੱਸ.ਪੀ.ਡੀ ਰਣਧੀਰ ਕੁਮਾਰ, ਡੀ.ਐੱਸ.ਪੀ ਨਵੀਨ ਕੁਮਾਰ, ਡੀ.ਐੱਸ.ਪੀ ਸੁਖਵਿੰਦਰ ਸਿੰਘ ਅਤੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਤੋਂ ਇਲਾਵਾ ਪੁਲਿਸ/ਸਿਵਲ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।