ਯੋਜਨਾ ਤਹਿਤ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਮਿਲਦੀ ਹੈ ਸੁਵਿਧਾ
ਕਾਰਡ ਬਣਾਉਣ ਲਈ ਜ਼ਿਲੇ ਭਰ ਵਿਚ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿਚੋਂ ਵੀ ਬਣਵਾਏ ਜਾ ਸਕਦੇ ਹਨ ਕਾਰਡ
6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 8 ਪ੍ਰਾਈਵੇਟ ਹਸਪਤਾਲਾਂ ਤੋਂ ਵੀ ਮਿਲਦੀ ਹੈ ਨਕਦੀ ਰਹਿਤ ਇਲਾਜ ਦੀ ਸਹੂਲਤ
ਨਵਾਂਸ਼ਹਿਰ, 12 ਅਕਤੂਬਰ 2021
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਅਧਿਕਾਰੀਆਂ ਨੂੰ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਉਨਾਂ ਸਾਰੇ ਯੋਗ ਲਾਭਤਾਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾਵੇ, ਜਿਨਾਂ ਹਾਲੇ ਤੱਕ ਇਸ ਸਕੀਮ ਦੇ ਲਾਭ ਹਿੱਤ ਕਾਰਡ ਨਹੀਂ ਬਣਵਾਏ। ਉਨਾਂ ਕਿਹਾ ਕਿ ਜ਼ਿਲੇ ਦਾ ਕੋਈ ਵੀ ਯੋਗ ਲਾਭਤਾਰੀ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨਾਂ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਅਤੇ ਆਪਣੇ ਪਰਿਵਾਰ ਦੇ ਹਰੇਕ ਮੈਂਬਰ ਦਾ ਵੱਖਰਾ ਕਾਰਡ ਬਣਵਾਉਣਾ ਜ਼ਰੂਰੀ ਹੈ।
ਉਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਉਸਾਰੀ ਕਾਮੇ, ‘ਜੇ’ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਤੇ ਯੈਲੋ ਕਾਰਡ ਧਾਰਕ ਪੱਤਰਕਾਰ ਅਤੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਇਹ ਕਾਰਡ ਬਣਵਾ ਸਕਦੇ ਹਨ।
ਹੋਰ ਪੜ੍ਹੋ :-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਨੁੱਕੜ ਨਾਟਕ
ਉਨਾਂ ਦੱਸਿਆ ਕਿ ਜ਼ਿਲੇ ਵਿਚ ਇਸ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦੇਣ ਲਈ ਜ਼ਿਲੇ ਭਰ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਸੀ. ਐਸ. ਸੀ) ਵਿਚ ਵੀ ਇਹ ਕਾਰਡ ਬਣਾਉਣ ਦੀ ਸੇਵਾ ਦਿੱਤੀ ਜਾ ਰਹੀ ਹੈ। ਉਨਾਂ ਇਸ ਸਹੂਲਤ ਤੋਂ ਵਾਂਝੇ ਰਹਿ ਗਏ ਜ਼ਿਲੇ ਦੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰਡ ਬਣਾਉਣ ਲਈ ਲਗਾਏ ਜਾਣ ਵਾਲੇ ਇਨਾਂ ਵਿਸ਼ੇਸ਼ ਕੈਂਪਾਂ, ਨਜ਼ਦੀਕੀ ਸੇਵਾ ਕੇਂਦਰਾਂ ਜਾਂ ਕਾਮਨ ਸਰਵਿਸ ਸੈਂਟਰਾਂ ਵਿਖੇ ਜ਼ਰੂਰੀ ਦਸਤਾਵੇਜ਼ਾਂ ਨਾਲ ਪਹੁੰਚ ਕਰਨ, ਤਾਂ ਜੋ ਉਨਾਂ ਨੂੰ ਨਕਦੀ ਰਹਿਤ ਇਲਾਜ ਸੇਵਾਵਾਂ ਦਾ ਲਾਭ ਮਿਲ ਸਕੇ।
ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਹੂਲਤ ਤੋਂ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਨੂੰ ਕਾਰਡ ਜਾਰੀ ਕਰਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਜਲਦ ਤੋਂ ਜਲਦ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਲਗਾਤਾਰ ਸਮੀਖਿਆ ਕੀਤੀ ਜਾਵੇਗੀ।
ਇਸ ਮੌਕੇ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਡੀ. ਡੀ. ਐਫ ਮੈਡਮ ਸ਼ਿਪਰਾ, ਜ਼ਿਲਾ ਮੈਨੇਜਰ ਸੀ. ਐਚ. ਸੀ ਗੁਰਸੇਵਕ, ਇੰਚਾਰਜ ਸੇਵਾ ਕੇਂਦਰ ਤਲਵਿੰਦਰ ਸਿੰਘ, ਜ਼ਿਲਾ ਕੋਆਰਡੀਨੇਟਰ ਸਟੇਟ ਹੈਲਥ ਏਜੰਸੀ ਗੁਰਪ੍ਰੀਤ ਸਿੰਘ, ਲੇਬਰ ਇਨਫੋਰਸਮੈਂਟ ਅਫ਼ਸਰ ਰਣਦੀਪ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੇਵਾਵਾਂ ਦੇ ਰਹੇ ਹਨ ਜ਼ਿਲੇ ਦੇ 8 ਸੂਚੀਬੱਧ ਪ੍ਰਾਈਵੇਟ ਹਸਪਤਾਲ :
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲੇ ਵਿਚ 6 ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਵਾ 8 ਸੂਚੀਬੱਧ ਪ੍ਰਾਈਵੇਟ ਹਸਪਤਾਲ ਵੀ ਸਰਬੱਤ ਸਿਹਤ ਬੀਮਾ ਤਹਿਤ ਲਾਭਪਾਤਰੀਆਂ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ, ਜਿਥੋਂ 5 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਨਾਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਰਾਜਾ ਹਸਪਤਾਲ, ਦਿ੍ਰਸ਼ਟੀ ਆਈ ਕੇਅਰ ਸੈਂਟਰ, ਸਰਬ ਹਸਪਤਾਲ, ਦਿਆਲ ਸੂਦ ਹਾਰਟ ਸੈਂਟਰ ਐਂਡ ਨਰਸਿੰਗ ਹੋਮ, ਸੰਧੂ ਆਈ ਹਸਪਤਾਲ, ਬਲਵੀਰ ਹਸਪਤਾਲ, ਦੁਆ ਹਸਪਤਾਲ ਐਂਡ ਮੈਟਰਨਿਟੀ ਹੋਮ ਅਤੇ ਏ-ਵਨ ਹਸਪਤਾਲ ਸ਼ਾਮਲ ਹਨ। ਇਸ ਤੋਂ ਇਲਾਵਾ ਸਰਕਾਰੀ ਸੰਸਥਾਵਾਂ ਵਿਚ ਜ਼ਿਲਾ ਹਸਪਤਾਲ ਨਵਾਂਸ਼ਹਿਰ, ਸਬ ਡਵੀਜ਼ਨਲ ਹਸਪਤਾਲ ਬਲਾਚੌਰ, ਸੀ. ਐਚ. ਸੀ ਬੰਗਾ, ਸੀ. ਐਚ. ਸੀ ਮੁਕੰਦਪੁਰ, ਸੀ. ਐਚ. ਸੀ ਰਾਹੋਂ ਅਤੇ ਸੀ. ਐਚ. ਸੀ ਸੜੋਆ ਵੱਲੋਂ ਲਾਭਪਾਤਰੀਆਂ ਨੂੰ ਇਸ ਯੋਜਨਾ ਤਹਿਤ ਲਾਭ ਦਿੱਤਾ ਜਾ ਰਿਹਾ ਹੈ।