ਮੁਲਾਜ਼ਮਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਹੋਣ ਨਾਲ ਕੰਮ ਦੀ ਕਾਰਜਕੁਸ਼ਲਤਾ ‘ਤੇ ਪੈਂਦੇ ਸਕਾਰਾਤਮਿਕ ਪ੍ਰਭਾਵ : ਡਿਪਟੀ ਕਮਿਸ਼ਨਰ
ਪਟਿਆਲਾ, 12 ਸਤੰਬਰ :-
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਈਵਰਾਂ ਦੀ ਸਹੂਲਤ ਲਈ ਬਣਾਏ ਗਏ ਕਮਰੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਤੇ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਡਰਾਈਵਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀ ਹੋਣ ਨਾਲ ਕੰਮ ਦੀ ਕਾਰਜਕੁਸ਼ਲਤਾ ਉਤੇ ਸਕਾਰਾਤਮਿਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਡਰਾਈਵਰਾਂ ਨੂੰ ਗਰਮੀ ਤੇ ਸਰਦੀ ਦੇ ਮੌਸਮ ਵਿੱਚ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਈਵਰਾਂ ਦੇ ਕਮਰੇ ਦੀ ਉਸਾਰੀ ਕਰਵਾਈ ਗਈ ਹੈ।
ਇਸ ਮੌਕੇ ਡਰਾਈਵਰ ਓਂਕਾਰ ਸਿੰਘ ਨੇ ਕਿਹਾ ਕਿ ਸਮੂਹ ਸਰਕਾਰੀ ਗੱਡੀਆਂ ਦੇ ਡਰਾਈਵਰਾਂ ਨੂੰ ਬੈਠਣ ਅਤੇ ਖਾਣਾ ਖਾਣ ਆਦਿ ਸਬੰਧੀ ਕਾਫ਼ੀ ਮੁਸ਼ਕਿਲ ਪੇਸ਼ ਆਉਂਦੀ ਸੀ, ਜਿਸ ਲਈ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਸੀ ਕਿ ਡਰਾਈਵਰਾਂ ਦੀ ਸਹੂਲਤ ਲਈ ਇਕ ਕਮਰੇ ਦੀ ਉਸਾਰੀ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਡਰਾਈਵਰਾਂ ਦੀ ਮੰਗ ਪੂਰੀ ਕਰਦਿਆਂ ਉਨ੍ਹਾਂ ਦੀ ਸਹੂਲਤ ਲਈ ਇਕ ਬਹੁਤ ਹੀ ਸ਼ਾਨਦਾਰ ਕਮਰੇ ਦਾ ਨਿਰਮਾਣ ਕਰਵਾਇਆ ਗਿਆ, ਜਿਸ ਦਾ ਅੱਜ ਉਦਘਾਟਨ ਕੀਤਾ ਗਿਆ।
ਇਸ ਮੌਕੇ ਡਰਾਈਵਰ ਹਰਮੀਤ ਸਿੰਘ ਨੇ ਡਿਪਟੀ ਕਮਿਸ਼ਨਰ ਵੱਲੋਂ ਡਰਾਈਵਰਾਂ ਦੀ ਸਹੂਲਤ ਲਈ ਉਸਾਰੇ ਗਏ ਕਮਰੇ ਉਤੇ ਧੰਨਵਾਦ ਕਰਦਿਆਂ ਕਿਹਾ ਕਿ ਕਮਰਾ ਬਣਨ ਨਾਲ ਗਰਮੀ ਤੇ ਸਰਦੀ ਦੇ ਮੌਸਮ ਵਿਚ ਡਰਾਈਵਰਾਂ ਨੂੰ ਬਹੁਤ ਸਹੂਲਤ ਮਿਲੇਗੀ ਤੇ ਆਪਣਾ ਸਮਾਨ ਆਦਿ ਰੱਖਣ ਸਮੇਤ ਦੇਰ ਸਵੇਰ ਰੁਕਣ ਦਾ ਵੀ ਪ੍ਰਬੰਧ ਰਹੇਗਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਡਰਾਈਵਰ ਵੀ ਮੌਜੂਦ ਸਨ।