ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੀ ਵਧਾਈ; ਆਨਲਾਈਨ ਮਾਧਿਅਮ ਰਾਹੀਂ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਤ ਸਿੱਖਿਆ ਦੀ ਲੋੜ ’ਤੇ ਜ਼ੋਰ

Punjab School Education Minister Mr. Vijay Inder Singla

ਚੰਡੀਗੜ੍ਹ, 4 ਸਤੰਬਰ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਹੈ।

ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਸੱਦਾ ਦਿੱਤਾ ਕਿ ਆਉ ਇਸ ਸ਼ੁੱਭ ਮੌਕੇ ਨੂੰ ਪੂਰੇ ਉਤਸ਼ਾਹ ਨਾਲ ਮਨਾਈਏ ਅਤੇ ਪ੍ਰਣ ਲਈਏ ਕਿ ਕੋਵਿਡ-19 ਦੇ ਮੁਸ਼ਕਲ ਸਮੱਸਿਆਂ ਦੌਰਾਨ ਬੱਚਿਆਂ ਨੂੰ ਹੋਰ ਵਧੀਆ ਢੰਗ ਨਾਲ ਆਨਲਾਈਨ ਤਰੀਕਿਆਂ ਰਾਹੀਂ ਨੈਤਿਕ ਸਿੱਖਿਆ ਦੇਣ ਉਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ, ਜੋ ਕਿ ਉੱਘੇ ਸਿੱਖਿਆ ਮਾਹਰ ਅਤੇ ਮਹਾਨ ਦਰਸ਼ਨ ਸ਼ਾਸਤਰੀ ਸਨ ਅਤੇ ਜਿਨ੍ਹਾਂ ਸਿੱਖਿਆ ਪ੍ਰਣਾਲੀ ਦੇ ਪੁਨਰਗਠਨ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮਹਾਨ ਯੋਗਦਾਨ ਦਿੱਤਾ।

ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਅਧਿਆਪਕਾਂ ਦੀਆਂ ਲਾਮਿਸਾਲ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਅਧਿਆਪਕ ਦਿਵਸ ਅਹਿਮ ਹੈ ਕਿਉਂਕਿ ਇਹ ਅਜਿਹੇ ਸਮੇਂ ਆਇਆ ਹੈ, ਜਦੋਂ ਅਧਿਆਪਕ ਸਿੱਖਿਆ ਦੇ ਰਵਾਇਤੀ ਮਾਧਿਅਮਾਂ ਨੂੰ ਛੱਡ ਕੇ ਡਿਜੀਟਲ ਤੇ ਆਨਲਾਈਨ ਸਿੱਖਿਆ ਦੇ ਨਵੇਂ ਮਾਧਿਅਮਾਂ ਰਾਹੀਂ ਬੱਚਿਆਂ ਦੀ ਸਿੱਖਿਆ ਵਿੱਚ ਲਗਾਤਾਰਤਾ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਦਿਨ-ਰਾਤ ਇਕ ਕਰ ਕੇ ਸੂਬੇ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਨਵੇਂ ਢੰਗ-ਤਰੀਕੇ ਸਿੱਖ ਰਹੇ ਹਨ।

ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਬੁਨਿਆਦੀ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਸੱਚਾਈ, ਦਿਆਨਤਦਾਰੀ, ਸਮਰਪਣ ਅਤੇ ਬੱਚਿਆਂ ਵਿੱਚ ਨੈਤਿਕ ਗੁਣ ਪੈਦਾ ਕਰਨ ਲਈ ਜ਼ੋਰ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਅਧਿਆਪਕ ਹਮੇਸ਼ਾ ਹੀ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਹੁੰਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਚੁਣੌਤੀਆਂ ਪੇਸ਼ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਤੋਂ ਅਗਵਾਈ ਲੈਂਦੇ ਹਨ ਅਤੇ ਅਧਿਆਪਕ ਹੀ ਦੇਸ਼ ਦਾ ਰੌਸ਼ਨ ਭਵਿੱਖ ਯਕੀਨੀ ਬਣਾਉਂਦੇ ਹਨ।

Spread the love