ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹੇ ਵਿਚ 2076 ਬੱਚਿਆਂ ਨੂੰ ਪਿਲਾਈਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’
ਨਵਾਂਸ਼ਹਿਰ, 27 ਸਤੰਬਰ 2021
ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 0-5 ਸਾਲ ਦੇ 2076 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਸਾਲ 2011 ਤੋਂ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਤੇ ਅਫਗਾਨਿਸਤਾਨ ਵਿਚ ਪੋਲੀਓ ਵਾਇਰਸ ਦਾ ਫੈਲਾਅ ਜਾਰੀ ਹੈ। ਇਸ ਕਰਕੇ ਭਾਰਤ ‘ਤੇ ਇਸ ਬਿਮਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ। ਆਓ, “ਆਪਾਂ ਸਾਰੇ ਇਕਜੁੱਟ ਹੋ ਕੇ ਜ਼ਿਲ੍ਹੇ ਵਿਚ ਇਸ ਮੁਹਿੰਮ ਨੂੰ ਸਫਲ ਬਣਾਈਏ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ।”
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇੇੇ ਦਿਨ ਜਿਲ੍ਹੇ ਅੰਦਰ ਕੁੱਲ 2076 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਬਲਾਕ ਨਵਾਂਸ਼ਹਿਰ ਵਿਚ 290, ਬੰਗਾ ਵਿਚ 156, ਰਾਹੋਂ ਵਿਚ 68, ਬਲਾਚੌਰ ਅਰਬਨ ਵਿਚ 164, ਮੁਜ਼ੱੱਫਰਪੁਰ ਵਿਚ 566, ਮੁਕੰਦਪੁਰ ਵਿਖੇ 152, ਸੁੱਜੋਂ ਵਿਖੇ 131, ਸੜੋਆ ਵਿਖੇ 178, ਬਲਾਚੌਰ ਰੂਰਲ ਵਿਖੇ 371 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲੇ ਦਿਨ 2434 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਸਨ। ਇਸ ਤਰ੍ਹਾਂ ਦੋ ਦਿਨਾਂ ਵਿੱਚ ਹੁਣ ਤੱਕ 4510 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪੀ ਲਈਆਂ ਹਨ। ਜ਼ਿਲ੍ਹੇ ਵਿੱਚ 0-5 ਸਾਲ ਤੱਕ ਦੇ ਕੁੱਲ 5464 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਜੋ ਬੱਚੇ ਅੱਜ ਵੀ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਕੱਲ੍ਹ ਨੂੰ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।